ਮਾਨਸਾ, 26 ਜਨਵਰੀ:
ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 75ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਮਾਨਯੋਗ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮੂਹਰੀਅਤ ਹਾਸਲ ਹੋਣ ਦਾ ਮਾਣ ਹਾਸਲ ਹੈ।
ਉਨ੍ਹਾਂ ਕਿਹਾ ਕਿ ਮੈਂ ਅੱਜ ਦੇ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੋਦਕਰ ਦੇ ਵੱਢਮੁੱਲੇ ਯੋਗਦਾਨ ਨੂੰ ਸਿਜ਼ਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ। ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 01 ਕਰੋੜ ਰੁਪਏ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮਹਿਜ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਜਿੱਥੇ 39406 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਉੱਥੇ 12710 ਮੁਲਾਜ਼ਮਾਂ ਨੂੰ ਪੱਕਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੌਸ਼ਨ ਭਵਿੱਖ ਲਈ ਅਸੀਂ ਆਪਣੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ, ਜਿਸ ਤਹਿਤ ਸੂਬੇ ਵਿਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਿਵੇਸ਼ ਅਤੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ ਅਤੇ ਸੈਰ ਸਪਾਟਾ ਸੰਮੇਲਨ ਕਰਵਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਸਾਰੇ ਯੋਗ ਲਾਭਪਾਤਰੀ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਨ ਮਾਲ ਲੋਕ ਅਦਾਲਤਾਂ ਲਗਾਈਆਂ ਗਈਆਂ ਜਿਸ ਤਹਿਤ 6 ਜਨਵਰੀ ਅਤੇ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬਕਾਇਆ ਪਏ ਇੰਤਕਾਲਾਂ ਦੇ 50706 ਮਾਮਲੇ ਨਿਪਟਾਏ ਗਏ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ ਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਕਰੀਬ 2200 ਕਰੋੜ ਦੀ ਲਾਗਤ ਵਾਲੇ 15 ਨਹਿਰੀ ਪਾਣੀ ’ਤੇ ਆਧਾਰਿਤ ਪ੍ਰੋਜੈਕਟ ਉਸਾਰੀ ਅਧੀਨ ਹਨ। ਸਾਰੇ ਪਿੰਡਾਂ ਨੂੰ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਭਰ ਵਿਚ 31 ਲੈਬੋਰਟਰੀਆਂ ਸਥਾਪਤ ਕੀਤੀਆਂ ਗਈਆਂ।
ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਦੀ ਵੰਡ ਕੀਤੀ ਗਈ। ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਪ੍ਰੀਤੀ ਸਾਹਨੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ, ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਕੁਮਾਰ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਐਸ.ਡੀ.ਐਮ. ਮਾਨਸਾ ਮਨਜੀਤ ਸਿੰਘ ਰਾਜਲਾ, ਐਸ.ਪੀ. (ਡੀ) ਬਾਲ ਕ੍ਰਿਸ਼ਨ, ਐਸ.ਪੀ. (ਐਚ) ਜਸਕੀਰਤ ਸਿੰਘ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।