ਬਠਿੰਡਾ, 22 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ 92-ਬਠਿੰਡਾ (ਸ਼ਹਿਰੀ) ਦੇ ਏਆਰਓ ਮੈਡਮ ਇਨਾਯਤ ਦੇ ਯਤਨਾਂ ਤੇ ਨੋਡਲ ਅਫ਼ਸਰ ਮੈਡਮ ਮੀਨਾ ਭਾਰਤੀ ਦੀ ਯੋਗ ਅਗਵਾਈ ਹੇਠ ਸਥਾਨਕ ਸਰਕਾਰੀ ਪੋਲਟੈਕਨੀਕਲ ਕਾਲਜ ਚ ਸਵੀਪ ਗਤੀਵਿਧੀਆਂ ਤਹਿਤ ਕੈਂਪ ਲਗਾਇਆ ਗਿਆ।
ਇਸ ਮੌਕੇ ਨੋਡਲ ਅਫ਼ਸਰ ਮੈਡਮ ਮੀਨਾ ਭਾਰਤੀ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਹਾਲੇ ਤੱਕ ਆਪਣੀ ਵੋਟ ਨਹੀਂ ਬਣਾਈ ਉਹ ਆਪਣੀ ਵੋਟ ਬਣਵਾਉਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ।
ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਲੋਕਤੰਤਰ ਪ੍ਰਣਾਲੀ ਵਿਚ ਵੋਟ ਦੀ ਬਹੁਤ ਵੱਡੀ ਅਹਿਮੀਅਤ ਹੈ। ਸਾਨੂੰ ਸਭ ਨੂੰ ਇਸ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵੋਟ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਸਵੀਪ ਦੀ ਸਮੁੱਚੀ ਟੀਮ ਤੋਂ ਇਲਾਵਾ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।