ਚਾਈਨਾ ਡੋਰ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ

Politics Punjab

ਐੱਸ.ਏ.ਐੱਸ ਨਗਰ, 05 ਅਗਸਤ:

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਚਾਈਨਾ ਡੋਰ/ਚੀਨੀ ਮਾਂਝਾ ਨਾਲ ਪਤੰਗ ਉਡਾਉਣ ਦੇ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਕੈਂਪ ਸਰਕਾਰੀ ਸੈਕੰਡਰੀ ਸਕੂਲ ਮਟੌਰ, ਸਕੂਲ ਆਫ ਐਮੀਨੈਂਸ 3ਬੀ1 ਮੋਹਾਲੀ, ਸਰਕਾਰੀ ਪ੍ਰਾਇਮਰੀ ਸਕੂਲ 3ਬੀ2 ਮੋਹਾਲੀ ਵਿਖੇ ਲਾਏ ਗਏ। ਇਨ੍ਹਾਂ ਕੈਂਪਾਂ ਵਿੱਚ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਪਤੰਗ ਉਡਾਉਣ ਸਬੰਧੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਵੀ ਲਿਆ ਗਿਆ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਾਤਾਵਰਣ, ਰਣਤੇਜ ਸ਼ਰਮਾ ਨੇ ਦੱਸਿਆ ਕਿ  ਚਾਈਨਾ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਦੇਦੋਸ਼ੀ ਪਾਏ ਜਾਣ ਸਬੰਧੀ ਸਜ਼ਾਵਾਂ ਦਾ ਵਰਨਣ ਕਰਨ ਵਾਲੇ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ
ਪੈਂਫਲੈਟ ਵੀ ਵੰਡੇ ਗਏ। ਇਸ ਡੋਰ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪੰਜ ਸਾਲ ਤੱਕ ਦੀ ਸਜ਼ਾ ਤੋਂ ਇਲਾਵਾ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਨਾਈਲੋਨ, ਪਲਾਸਟਿਕ ਜਾਂ ਕਿਸੇ ਹੋਰ ਸਿੰਥੈਟਿਕ ਸਮੱਗਰੀ ਸਮੇਤ ਪਤੰਗ ਉਡਾਉਣ ਵਾਲੇ ਧਾਗੇ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਦਰਾਮਦ ਅਤੇ ਵਰਤੋਂ ‘ਤੇ ਮੁਕੰਮਲ ਪਾਬੰਦੀ ਹੈ। ਪੰਜਾਬ ਰਾਜ ਵਿੱਚ “ਚੀਨੀ ਡੋਰ/ਮਾਂਝਾ” ਨਾਮ ਨਾਲ ਮਸ਼ਹੂਰ ਅਤੇ ਕੋਈ ਵੀ ਹੋਰ ਸਿੰਥੈਟਿਕ ਪਤੰਗ ਉਡਾਉਣ ਵਾਲਾ ਧਾਗਾ ਜੋ ਸਿੰਥੈਟਿਕ ਪਦਾਰਥ ਦੇ ਹਵਾਲੇ ਨਾਲ ਜਾਣਿਆ ਜਾਂਦਾ ਹੈ ਅਤੇ ਗੈਰ-ਬਾਇਓਡੀਗ੍ਰੇਡੇਬਲ ਹੈ, ਉੱਤੇ ਪਾਬੰਧੀ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ  ਦੇ 11.07.2017 ਦੇ ਸਾਲ 2016 ਦੇ ਓ ਏ  ਨੰਬਰ 384 ਅਤੇ ਸਾਲ 2016 ਦੇ ਹੀ ਓ ਏ  ਨੰਬਰ 442 ਵਿੱਚ ਪਾਸ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਵਿੱਚ, ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਵੱਲੋਂ ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 5 ਤਹਿਤ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਆਪਣੇ ਨੋਟੀਫਿਕੇਸ਼ਨ ਨੰਬਰ 3/25/23-ਐਸ ਟੀ ਈ 4/293 ਮਿਤੀ 05.07.2023 ਦੁਆਰਾ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ।