ਆਪ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਲਾਏ ਗਏ ਕੈਂਪ

Amritsar

ਸਾਹਿਬਜ਼ਾਦਾ ਅਜੀਤ ਸਿੰਘ, 16 ਫਰਵਰੀ 2024:

ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ  ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ
ਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ, ਜਿੱਥੇ ਲੋਕਾਂ ਵੱਲੋਂ ਆਪਣੇ ਲੰਬਿਤ ਪਏ ਕੰਮ ਜੋ ਕਿ ਉਨ੍ਹਾਂ ਨੂੰ ਪਹਿਲਾਂ ਸਰਕਾਰੀ ਦਫਤਰਾਂ ਵਿੱਚ ਜਾ ਕੇ ਕਰਵਾਉਣੇ ਪੈਦੇਂ ਸਨ, ਹੁਣ ਬਿਨਾਂ ਕਿਸੇ ਦੇਰੀ ਦੇ ਅਸਾਨੀ ਨਾਲ ਕਰਵਾਏ ਗਏ।
   ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ।    
      ਐਸ.ਡੀ.ਐਮ ਮੋਹਾਲੀ ਦੀਪਾਂਕਰ ਗਰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ ’ਤੇ ਇਕੱਠੇ ਹੋ ਕੇ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਮੋਹਾਲੀ ਦੇ ਹਰੇਕ ਪਿੰਡ ਅਤੇ ਵਾਰਡ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜੋ ਵੀ ਉਨ੍ਹਾਂ ਦੇ ਕੰਮ ਹੋਣ ਵਾਲੇ ਹਨ, ਉਹ ਕੈਂਪਾਂ ’ਚ ਆ ਕੇ ਕਰਵਾਉਣ।
     ਇਸ ਮੌਕੇ ਐਸ.ਡੀ.ਐਮ. ਸ੍ਰੀ ਦੀਪਾਂਕਰ ਗਰਗ ਨੇ ਦੱਸਿਆ ਕਿ ਸੁਵਿਧਾ ਕੈਂਪ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜੀਆਂ ਪ੍ਰਾਪਤ ਹੋਈਆਂ ਹਨ, ਜਿੰਨਾਂ ਵਿਚੋਂ ਕਈਆਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ਹੈ ਅਤੇ ਕਈ ਅਰਜ਼ੀਆਂ ਸਮਾਂਬੱਧ ਸਮੇਂ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੈਂਪ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਾਪਤ ਅਰਜ਼ੀਆਂ ਸਬੰਧੀ ਸੂਚਨਾ ਆਨਲਾਈਨ ਪੋਰਟਲ ਤੇ ਚੜ੍ਹਾਉਣ ਅਤੇ ਹਰ ਲਾਭਪਾਤਰੀ ਦੀ ਅਰਜ਼ੀ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਬਿਨੈ ਪੱਤਰ ਪ੍ਰਾਪਤ ਹੋਏ, ਜਿੰਨਾ ਦੀ ਪੜਤਾਲ ਉਪਰੰਤ ਯੋਗ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਇਹ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਵਿੱਚ ਨਾ ਜਾਣਾ ਪਵੇ ਅਤੇ ਉਹ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਲਾਭ ਪ੍ਰਾਪਤ ਕਰ ਸਕਣ।
    ਕੈਂਪ ਵਿੱਚ 43 ਸੁਵਿਧਾਵਾਂ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਲਈ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।