ਬਠਿੰਡਾ, 24 ਅਕਤੂਬਰ : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ।
ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਡੀਟੋਰੀਅਮ ਵਿੱਚ ਇੱਕ ਸੈਮੀਨਾਰ ਹਾਲ, ਦੋ ਕਾਨਫਰੰਸ ਰੂਮ, ਪ੍ਰਦਰਸ਼ਨੀ ਹਾਲ ਅਤੇ ਲੋਕਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਡੀਟੋਰੀਅਮ ਦਾ ਨਾਂ ਪ੍ਰਸਿੱਧ ਸਾਹਿਤਕਾਰ ਪਦਮ ਸ੍ਰੀ ਬਲਵੰਤ ਗਾਰਗੀ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਇਹ ਮਿੱਟੀ ਦੇ ਮਹਾਨ ਪੁੱਤਰ ਨੂੰ ਅਸਲ ਸ਼ਰਧਾਂਜਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਅਤਿ-ਆਧੁਨਿਕ ਆਡੀਟੋਰੀਅਮ ਪਹਿਲਾਂ ਸਿਰਫ਼ ਵਿਦੇਸ਼ਾਂ ਵਿੱਚ ਹੀ ਬਣਾਇਆ ਜਾਂਦਾ ਸੀ, ਪਰ ਹੁਣ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮਾਲਵੇ ਦੇ ਗੜ੍ਹ ਵਿੱਚ ਉਸਾਰਿਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਆਡੀਟੋਰੀਅਮ ਨੂੰ ਵਰਕਸ਼ਾਪਾਂ, ਸੈਮੀਨਾਰਾਂ ਅਤੇ ਹੋਰ ਸਮਾਗਮਾਂ ਲਈ ਵਰਤਿਆ ਜਾਵੇਗਾ, ਜੋ ਨੌਜਵਾਨਾਂ ਨੂੰ ਯੋਗ ਸੇਧ ਦੇਣ ਵਿੱਚ ਮਦਦ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਇੱਕ ਸਿਹਤਮੰਦ ਪਲੇਟਫਾਰਮ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਸੁਭਾਵਿਕ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀ ਕਾਬਲੀਅਤ ਦੀ ਸਹੀ ਤੇ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਦੇ ਉਡਾਰ ਮਨ ਹਵਾਈ ਜਹਾਜ਼ ਦੀ ਤਰ੍ਹਾਂ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਯਤਨ ਕਰਦੇ ਰਹਿਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਸਰ ਨਹੀਂ ਕਰ ਲੈਂਦੇ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਵਡੇਰੀ ਸਫ਼ਲਤਾ ਹਾਸਲ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਮਿਹਨਤ ਹੀ ਸਫ਼ਲਤਾ ਦੀ ਪਲੇਠੀ ਤੇ ਆਖ਼ਰੀ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਕਿਉਂਕਿ ਇਸ ਧਰਤੀ ’ਤੇ ਤਰੱਕੀ ਅਤੇ ਖੁਸ਼ਹਾਲੀ ਦੀ ਬਹੁਤ ਗੁੰਜਾਇਸ਼ ਮੌਜੂਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ, ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ, ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੈਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ ਹਰਚਰਨ ਸਿੰਘ ਭੁੱਲਰ, ਐਸਐਸਪੀ ਮੈਡਮ ਅਮਨੀਤ ਕੌਂਡਲ, ਕਮਿਸ਼ਨਰ ਨਗਰ ਨਿਗਮ ਸ਼੍ਰੀ ਨਵਜੋਤ ਸਿੰਘ ਰੰਧਾਵਾ, ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਆਪ ਆਗੂ ਸ ਅਮਰਦੀਪ ਰਾਜਨ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਤੇ ਵਿਦਿਆਰਥੀ ਆਦਿ ਹਾਜ਼ਰ ਸਨ।