ਫਰੀਦਕੋਟ 9 ਮਈ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 16 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਦਿਲ ਕੰਬਾਊਂ ਚਲਾਏ ਜਾਂਦੇ ਪਟਾਖਿਆਂ, ਆਤਿਸ਼ਬਾਜੀ, ਜਿਸ ਵਿੱਚ ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ ਦੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਸ ਐਕਟ, 1968 ਅਧੀਨ ਮੌਕ ਡ੍ਰਿਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਕਾਰਨ ਇਨ੍ਹਾਂ ਨੂੰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 5 ਜੁਲਾਈ, 2025 ਤੱਕ ਲਾਗੂ ਰਹਿਣਗੇ।