ਮਲੋਟ 25 ਫਰਵਰੀ:
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਓ ਦੀ ਵੱਡੀ ਟੀਕਾਕਰਨ ਮੁਹਿੰਮ ਦਾ ਆਗਾਜ਼ ਅੱਜ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੋਂ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ।
ਇਥੋਂ ਦੀ ਮਹਾਂਵੀਰ ਗਊਸ਼ਾਲਾ ਵਿਖੇ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕਰਵਾਈ ਸਮਾਗਮ ਸੰਬੋਧਨ ਕਰਦਿਆਂ ਸਰਦਾਰ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐਲ., ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਹ ਵੈਕਸੀਨ ਜਰੂਰ ਲਗਵਾਉਣ । ਉਹਨਾਂ ਨੇ ਕਿਹਾ ਕਿ ਗਾਵਾਂ ਵਿੱਚ ਲੰਪੀ ਸਕਿਨ ਬਿਮਾਰੀ ਨੇ ਦੋ ਸਾਲ ਪਹਿਲਾਂ ਬਹੁਤ ਨੁਕਸਾਨ ਕੀਤਾ ਸੀ ਇਸ ਲਈ ਅਗਾਊ ਪ੍ਰਹੇਜ ਵਜੋਂ ਸਰਕਾਰ ਨੇ ਇਹ ਮੁਹਿੰਮ ਆਰੰਭ ਕੀਤੀ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਵੈਕਸੀਨੇਸ਼ਨ ਪ੍ਰੋਗਰਾਮ ਚਲਾਏ ਜਾਂਦੇ ਹਨ ਉਸ ਵਿੱਚ ਸਹਿਯੋਗ ਕਰਦੇ ਹੋਏ ਪਸ਼ੂ ਪਾਲਕ ਵੀਰਆਪਣੇ ਸਾਰੇ ਜਾਨਵਰਾਂ ਦੀ ਵੈਕਸੀਨੇਸ਼ਨ ਜਰੂਰ ਕਰਵਾਇਆ ਕਰਨ।
ਇਸ ਮੌਕੇ ਕੈਬਨਟ ਮੰਤਰੀ ਨੇ ਕਿਹਾ ਕਿ ਪਸ਼ੂ ਧਨ ਪੰਜਾਬ ਦੇ ਲੋਕਾਂ ਲਈ ਆਰਥਿਕਤਾ ਦਾ ਇੱਕ ਪ੍ਰਮੁੱਖ ਸਰੋਤ ਹੈ । ਉਹਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਦੇ ਨਾਲ ਨਾਲ ਪਸ਼ੂ ਪਾਲਣ ਨੂੰ ਵੀ ਅਪਣਾਉਣ। ਉਹਨਾਂ ਨੇ ਕਿਹਾ ਕਿ ਪਸ਼ੂ ਪਾਲਣ ਪੰਜਾਬੀਆਂ ਦਾ ਵਿਰਾਸਤੀ ਕਿੱਤਾ ਰਿਹਾ ਹੈ ਅਤੇ ਸਾਡੀ ਨਵੀਂ ਪੀੜੀ ਨੂੰ ਵੀ ਇਸ ਨੂੰ ਭੁਲਾਉਣਾ ਨਹੀਂ ਚਾਹੀਦਾ ਸਗੋਂ ਰਵਾਇਤੀ ਖੇਤੀ ਦੇ ਨਾਲ ਨਾਲ ਜੇਕਰ ਪਸ਼ੂ ਪਾਲਣ ਕੀਤਾ ਜਾਵੇ ਤਾਂ ਇਹ ਕਿਸਾਨ ਪਰਿਵਾਰਾਂ ਦੀ ਆਮਦਨ ਵਧੇਤ ਦਾ ਕਾਰਨ ਬਣ ਸਕਦਾ ਹੈ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ, ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡਾ ਗੁਰਦਿੱਤ ਸਿੰਘ ਤੋਂ ਇਲਾਵਾ ਤਜਿੰਦਰ ਸਿੰਘ ਤੋਜੀ, ਗੁਰਬਾਜ ਸਿੰਘ, ਹਰਦੀਪ ਸਿੰਘ ਅਤੇ ਡਾ ਗੁਰਦਾਸ ਸਿੰਘ, ਡਾ ਵਿਪਨ, ਡਾ ਵਿਨੀਤ ਜੋਸ਼ੀ, ,ਡਾ ਕੇਵਲ ਸਿੰਘ, ਡਾ ਪੁਰਸ਼ੋਤਮ ਮਾਂਝੀ, ਡਾ ਅਮਿਤ ਨੈਨ, ਮਨਵਿੰਦਰ ਸਿੰਘ ਐਸ ਵੀ ਆਈ, ਮਨਪ੍ਰੀਤ ਸਿੰਘ ਹਾਜ਼ਰ ਸਨ।