ਐਸ.ਏ.ਐਸ.ਨਗਰ 13 ਮਾਰਚ 2024:
ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਈ ਕਿਸਾਨ ਆਪਣੀ ਜਾਨ ਗੁਆ ਗਏ ਸਨ। ਜਿਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾ ਰਹੀ ਹੈ।
ਇਸ ਕੜੀ ਤਹਿਤ ਅੱਜ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਮੋਹਾਲੀ ਜਿਲ੍ਹੇ ਦੇ 5 ਕਿਸਾਨਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੇ ਖ਼ੇਤੀਬਾੜੀ ਵਿਭਾਗ ਵਿੱਚ ਪੱਕੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ।
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਜਸਵਿੰਦਰ ਸਿੰਘ ਵਾਸੀ ਪਿੰਡ ਮਨਾਣਾ, ਬਲਜੀਤ ਸਿੰਘ ਵਾਸੀ ਪਿੰਡ ਦਾਊਂ, ਲਖਵਿੰਦਰ ਸਿੰਘ ਪਿੰਡ ਕੁਰੜੀ, ਜੁਗਰਾਜ ਸਿੰਘ ਵਾਸੀ ਪਿੰਡ ਸਹੋੜਾ, ਸੁਖਵੀਰ ਸਿੰਘ ਪਿੰਡ ਜਾਸਤਾਨਾ ਕਲਾਂ ਦੇ ਨਾਮ ਸ਼ਾਮਲ ਹਨ।
ਇਸ ਮੌਕੇ ਤੇ ਬੋਲਦੇ ਹੋਏ ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਨੌਜਵਾਨਾਂ ਦੇ ਨਾਲ ਹਰ ਸਮੇਂ ਖੜ੍ਹੀ ਹੈ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਿਆ ਜਾ ਸਕੇ। ਹਲਕਾ ਵਿਧਾਇਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ 2 ਸਾਲਾਂ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵ ਨਿਯੁਕਤ ਬੱਚਿਆਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪਣ ਮੌਕੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਸ. ਕੁਲਦੀਪ ਸਿੰਘ ਸਮਾਣਾ, ਸੁਖਦੇਵ ਸਿੰਘ ਪਟਵਾਰੀ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਅਤੇ ਨੌਕਰੀ ਪ੍ਰਾਪਤ ਕਰਨ ਵਾਲੇ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ


