ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ 

Politics Punjab S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ  ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ, ਸੰਵਿਧਾਨ ਦੁਆਰਾ ਨਾਗਰਿਕਾਂ ਨੂੰ ਦਿੱਤੇ ਗਏ ਅਧਿਕਾਰ ਅਤੇ ਕਰਤੱਵਾਂ ਦਾ ਪ੍ਰਚਾਰ ਕੀਤਾ ਗਿਆ ਅਤੇ ਪੇਟਿੰਗ, ਡੈਕਲਾਮੇਸ਼ਨ ਅਤੇ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ।  ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੰਵਿਧਾਨ ਦਿਵਸ ਦੇ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼, ਝੰਜੇੜੀ ਵਿਖੇ ਅੱਜ ਰਾਜ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸ਼ਮੂਲੀਅਤ ਕੀਤੀ ਅਤੇ ਅਧਿਆਪਕਾਂ, ਸਟਾਫ ਮੈਂਬਰਾਂ ਅਤੇ ਲਾਅ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਵੱਖ ਵੱਖ ਪ੍ਰੋਵੀਜ਼ਨਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਜ਼ੋਰ ਦਿੱਤਾ ਕਿ ਉਹ ਆਪਣੇ ਗਿਆਨ ਦੀ ਵਰਤੋਂ ਕਰਦੇ ਹੋਏ ਸੰਵਿਧਾਨ ਵਿਚ ਦਰਜ ਅਧਿਕਾਰਾਂ ਅਤੇ ਕਰਤੱਵਾਂ ਸਬੰਧੀ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ। ਸ੍ਰੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੰਵਿਧਾਨ ਦਿਵਸ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਤੇ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1949 ਵਿੱਚ, ਭਾਰਤ ਦੀ ਸੰਵਿਧਾਨ ਸਭਾ ਨੇ ਸੰਵਿਧਾਨ ਨੂੰ ਅਪਣਾਇਆ, ਜੋ 26 ਜਨਵਰੀ, 1950 ਨੂੰ ਲਾਗੂ ਹੋਇਆ।