ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

Mansa Politics Punjab

ਮਾਨਸਾ, 30 ਅਕਤੂਬਰ :
‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੇ ਬੈਨਰ ਹੇਠ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ 2024 ਤੋਂ 03 ਨਵੰਬਰ 2024 ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਦੇਣਾ ਦੋਨੋਂ ਹੀ ਜ਼ੁਰਮ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਬੁਰਾਈ ਜਾਂ ਅਲ੍ਹਾਮਤ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਹਮੇਸ਼ਾਂ ਸਾਨੂੰ ਖੁਦ ਤੋਂ ਹੀ ਕਰਨੀ ਚਾਹੀਦੀ ਹੈ। ਜੇਕਰ ਅਸੀਂ ਖੁਦ ਇਮਾਨਦਾਰੀ ਨਾਲ ਆਪਣੇ ਕੰਮਾਂ ਨੂੰ ਕਰਾਂਗੇ ਅਤੇ ਰਿਸ਼ਵਤ ਲੈਣ ਜਾਂ ਦੇਣ ਦੀ ਬਜਾਇ ਨਿਯਮਾਂ ਅਨੁਸਾਰ ਆਪਣਾ ਕਿਰਦਾਰ ਨਿਭਾਵਾਂਗੇ, ਤਾਂ ਹੀ ਸਮਾਜ ਤੋਂ ਭ੍ਰਿਸ਼ਟਾਚਾਰ ਜਾਂ ਹੋਰ ਬੁਰਾਈਆਂ ਨੂੰ ਦੂਰ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਨੂੰ ਅੰਦਰੋ ਖੋਖਲਾ ਕਰਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟ ਬਣਦਾ ਹੈ।
ਉਨ੍ਹਾਂ ਵਿਅਕਤੀ ਨੂੰ ਯੋਗ ਚਰਿੱਤਰ ਨਿਰਮਾਣ ਕਰਨ ਸਬੰਧੀ ਪ੍ਰੇਰਿਤ ਕੀਤਾ, ਤਾਂ ਜੋ ਅਸੀਂ ਇੱਕ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕੀਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਤੁਹਾਡੇ ਤੋਂ ਕਿਸੇ ਕੰਮ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸਦੀ ਸੂਚਨਾ ਤੁਰੰਤ ਸਿਵਲ, ਪੁਲਿਸ ਜਾਂ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ।
ਐਸ.ਐਸ.ਪੀ. ਵਿਜੀਲੈਂਸ ਬਿਊਰੋ ਸ਼੍ਰੀ ਹਰਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਵਰਿੰਦਰ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਸਕੂਲਾਂ, ਕਾਲਜਾਂ, ਸੰਸਥਾਵਾਂ ਅਤੇ ਹੋਰ ਪਬਲਿਕ ਥਾਵਾਂ ’ਤੇ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਸ਼ਵਤ ਨੂੰ ਜੜ੍ਹੋ ਖ਼ਤਮ ਕਰਨ ਲਈ ਵਿਦਿਆਰਥੀਆਂ ਦਾ ਇਸ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਜੇਕਰ ਨੌਜਵਾਨ ਭ੍ਰਿਸ਼ਟਾਚਾਰ ਨੂੰ ਦੂਰ ਕਰਨ ਵਿੱਚ ਵਿਜੀਲੈਂਸ ਵਿਭਾਗ ਦਾ ਸਹਿਯੋਗ ਕਰਦੇ ਹਨ, ਤਾਂ ਜਲਦ ਹੀ ਭ੍ਰਿਸ਼ਟਾਚਾਰ ਮੁਕਤ ਸੁਨਿਹਰੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਪੂਰੀ ਮੂਸਤੈਦੀ ਨਾਲ ਭ੍ਰਿਸ਼ਟਾਚਾਰੀਆਂ ਖਿਲਾਫ਼ ਆਪਣਾ ਸ਼ਿਕੰਜਾ ਕੱਸ ਰਿਹਾ ਹੈ ਅਤੇ ਜਿੱਥੇ ਵੀ ਭ੍ਰਿਸ਼ਟਾਚਾਰ ਸਬੰਧੀ ਉਨ੍ਹਾਂ ਨੂੰ ਇਤਲਾਹ ਮਿਲਦੀ ਹੈ ਤਾਂ ਉਹ ਤੁਰੰਤ ਉਥੇ ਪਹੁੰਚ ਕੇ ਬਣਦੀ ਕਾਰਵਾਈ ਕਰਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸ਼ਿਕਾਇਤ ਕਰਨ ਲਈ ਐਂਟੀ ਕਰੱਪਸ਼ਨ ਐਕਸ਼ਨ ਲਈ ਵਾਟਸਐਪ ਨੰਬਰ 95012-00200, ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ 0164-2214697, ਵਿਜੀਲੈਂਸ ਬਿਊਰੋ ਯੁਨਿਟ ਮਾਨਸਾ 01652-230222 ਅਤੇ ਟੋਲ ਫਰੀ ਨੰਬਰ 1800 1800 1800 ’ਤੇ ਸੂਚਿਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਕਹਾਣੀਕਾਰ ਸ਼੍ਰੀ ਦਰਸ਼ਨ ਸਿੰਘ ਜੋਗਾ ਅਤੇ ਕਾਲਜ ਦੀਆਂ ਵਿਦਿਆਰਥਣਾਂ ਹਰਕੀਰਤ ਕੌਰ, ਨਵਦੀਪ ਕੌਰ ਅਤੇ ਆਸ਼ਿਮਾ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕਵਿਤਾਵਾਂ ਅਤੇ ਭਾਸਣ ਰਾਹੀਂ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ, ਐਸ.ਪੀ. ਮਾਨਸਾ ਸ਼੍ਰੀ ਜਸਕੀਰਤ ਸਿੰਘ ਅਹੀਰ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਪੰਜਾਬ ਯੁਨਿਟ ਮਾਨਸਾ ਸ਼੍ਰੀ ਸੰਦੀਪ ਸਿੰਘ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਪੰਜਾਬ ਯੁਨਿਟ ਬਠਿੰਡਾ ਸ਼੍ਰੀ ਕੁਲਵੰਤ ਸਿੰਘ, ਪ੍ਰਿੰਸੀਪਲ ਮਾਤਾ ਸੁੰਦਰੀ ਕਾਲਜ ਡਾ. ਬਰਿੰਦਰ ਕੌਰ, ਇੰਸਪੈਕਟਰ ਵਿਜੀਲੈਂਸ ਬਿਊਰੋ ਯੁਨਿਟ ਮਾਨਸਾ ਮੈਡਮ ਸੰਦੀਪ ਕੌਰ, ਕਹਾਣੀਕਾਰ ਦਰਸ਼ਨ ਸਿੰਘ ਜੋਗਾ, ਮੁਖੀ ਪੰਜਾਬੀ ਵਿਭਾਗ ਸਹਾਇਕ ਪ੍ਰੋਫੈਸਰ ਬੱਲਮ ਲੀਂਬਾ ਅਤੇ ਸਹਾਇਕ ਪ੍ਰੋਫੈਸਰ ਸੁਰਭੀ ਲਖਣਪਾਲ ਤੋਂ ਇਲਾਵਾ ਕਾਲਜ ਦਾ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।

Leave a Reply

Your email address will not be published. Required fields are marked *