ਲੁਧਿਆਣਾ, 22 ਅਕਤੂਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਡਾ. ਅੰਬੇਡਕਰ ਨਗਰ ਵਿਖੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਸ. ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਕਰਵਾਇਆ ‘ਕੋਸਕ ਕ੍ਰਿਕਟ ਟੂਰਨਾਂਮੈਂਟ ਦਾ ਸਫਲ ਆਯੋਜਨ ਹੋਇਆ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜੋਰਵਾਲ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।
ਟੂਰਨਾਮੈਂਟ ਦੀ ਜੇਤੂ ਟੀਮ ਨੂੰ 51 ਹਜ਼ਾਰ, ਉਪ ਜੇਤੂ ਨੂੰ 31 ਹਜ਼ਾਰ ਜਦਕਿ ਤੀਸਰੇ ਨੰਬਰ ਵਾਲੀ ਟੀਮ ਨੂੰ 5100 ਰੁਪਏ ਦੀ ਰਾਸ਼ੀ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਬੈਸਟ ਬੋਲਰ ਤੇ ਬੈਸਟ ਬੈਟਸਮੈਨ ਨੂੰ ਵੀ ਵੱਖ-ਵੱਖ 3100 ਰੁਪਏ ਦੀ ਰਾਸ਼ੀ ਦਿੱਤੀ ਗਈ।
ਵਿਧਾਇਕ ਸਿੱਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੀ ਪ੍ਰੇਰਣਾ ਦਾ ਨੌਜਵਾਨਾਂ ‘ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਸੀ ਉੱਥੇ ਹੀ ਆਪਣੇ ਪੱਧਰ ‘ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਜੋ ਕਿ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗੀ ਅਤੇ ਉਹ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣਗੇ।