ਸੀ.ਐਕਸ.ਓ. ਮੀਟ: ਪੀ.ਐਸ.ਡੀ.ਐਮ. ਵੱਲੋਂ ਪੰਜਾਬ ਵਿੱਚ 50 ਹਜ਼ਾਰ ਨੌਕਰੀਆਂ ਪੈਦਾ ਕਰਨ ਲਈ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ

Politics Punjab

ਚੰਡੀਗੜ੍ਹ, 17 ਸਤੰਬਰ:

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀਘਾੜਿਆਂ ਅਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਕਰਵਾਈ ਗਈ ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀ.ਐਕਸ.ਓ.) ਮੀਟ-2024 ਦੌਰਾਨ ਕੀਤਾ।
ਸ੍ਰੀ ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ।

ਸ੍ਰੀ ਅਮਨ ਅਰੋੜਾ ਨੇ ਸੂਬੇ ਭਰ ਵਿੱਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਟੀਚਿਆਂ ਦੀ ਪ੍ਰਾਪਤੀ ਲਈ ਅਜੇ ਲੰਮਾ ਪੈਂਡਾ ਤੈਅ ਕਰਨਾ ਬਾਕੀ ਹੈ। ਉਨ੍ਹਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਇਹ ਸਮਾਗਮ ਕਰਵਾ ਕੇ ਸਾਰੇ ਭਾਈਵਾਲਾਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੇ ਹੁਨਰਾਂ ਨੂੰ ਨਿਖਾਰਨ ਵਿੱਚ ਉਦਯੋਗਾਂ ਨੂੰ ਪੂਰਨ ਸਹਿਯੋਗ ਦੇਵੇਗੀ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਹੁਨਰ ਵਿਕਾਸ ਖੇਤਰ ਵਿੱਚ ਸੀਨੀਅਰ ਕਾਰਜਕਾਰੀਆਂ ਵਿਚਕਾਰ ਸਹਿਯੋਗ ਅਤੇ ਸੰਵਾਦ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਇਸ ਪਹਿਲਕਦਮੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨਾਲ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਬਣਾਉਣ ਵਿੱਚ ਮਦਦ ਮਿਲਣ ਤੋਂ ਇਲਾਵਾ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ ਅਤੇ ਨੌਜਵਾਨਾਂ ਦੇ ਹੁਨਰ ਨੂੰ ਉਪਲਬਧ ਰੋਜ਼ਗਾਰ ਮੁਤਾਬਕ ਨਿਖਾਰਿਆ ਜਾਏਗਾ।
ਇਸ ਸਮਾਗਮ ਦੌਰਾਨ “ਸਾਡੇ ਨੌਜਵਾਨਾਂ ਅਤੇ ਵਰਕਫੋਰਸ ਦੇ ਭਵਿੱਖ ਨੂੰ ਬਿਹਤਰ ਬਣਾਉਣਾ” ਵਿਸ਼ੇ ਉਤੇ ਪੈਨਲ ਚਰਚਾ ਕਰਵਾਈ ਗਈ, ਜਿਸ ਵਿੱਚ ਵਿਕਸਤ ਹੋ ਰਹੇ ਬਾਜ਼ਾਰ ਦੇ ਸੰਦਰਭ ਵਿੱਚ ਸੂਬੇ ਦੇ ਨੌਜਵਾਨਾਂ ਅਤੇ ਵਰਕਫੋਰਸ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ਵਿੱਚ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਦੇ ਸਹਾਇਕ ਡਾਇਰੈਕਟਰ ਸ੍ਰੀ ਰੰਗੇ ਰਾਘਵ, ਬਾਬਾ ਫ਼ਰੀਦ ਹੈਲਥ ਐਂਡ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜੀਵ ਸੂਦ, ਮਾਈਕ੍ਰੋਸਾਫਟ ਦੇ ਉੱਤਰੀ ਭਾਰਤ ਲਈ ਐਜੂਕੇਸ਼ਨ ਫਾਰ ਨਾਰਥ ਇੰਡੀਆ ਦੇ ਡਾਇਰੈਕਟਰ ਮਿਸ ਸਵਾਤੀ ਕੌਸ਼ਲ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸ੍ਰੀ ਸੰਜੀਵ ਸ਼ਰਮਾ, ਆਰ.ਡੀ.ਐੱਸ.ਡੀ.ਈ. ਪੰਜਾਬ ਦੇ ਰੀਜ਼ਨਲ ਡਾਇਰੈਕਟਰ ਲੈਫ਼ਟੀਨੈਂਟ  ਕਰਨਲ ਵਿਸ਼ਾਲ ਅਰੋੜਾ, ਤਕਨੀਕੀ ਸਿੱਖਿਆ, ਸਿਖਲਾਈ ਵਿਭਾਗ  ਤੇ ਉਚੇਰੀ ਸਿੱਖਿਆ, ਨਵੀਂ ਦਿੱਲੀ ਦੇ ਡਾਇਰੈਕਟਰ ਸ੍ਰੀ ਭੁਪੇਸ਼ ਚੌਧਰੀ ਅਤੇ ਪੀ.ਐਚ.ਡੀ.ਸੀ.ਸੀ.ਆਈ ਦੇ ਚੇਅਰਮੈਨ ਸ੍ਰੀ ਰੁਪਿੰਦਰ ਸਚਦੇਵਾ ਨੇ ਸ਼ਮੂਲੀਅਤ ਕੀਤੀ।

ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਮਿਸ ਅੰਮ੍ਰਿਤ ਸਿੰਘ ਨੇ ਸਾਰੇ ਪੈਨਲਿਸਟਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਮਾਗਮ ਡੀ.ਡੀ.ਯੂ-ਜੀ.ਕੇ.ਵਾਈ. ਪਹਿਲਕਦਮੀ ਤਹਿਤ ਪੰਜਾਬ ਵਿੱਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਸਮਾਗਮ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਅਤੇ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਵੀ.ਐਸ.ਐਮ. (ਸੇਵਾਮੁਕਤ), ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।