ਚੰਡੀਗੜ੍ਹ, 24 ਅਕਤੂਬਰ: ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 527 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ  ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

277ਵੇਂ ਦਿਨ, ਪੁਲਿਸ ਟੀਮਾਂ ਨੇ 223 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,458 ਹੋ ਗਈ ਹੈ।

ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’  ਨੂੰ 602ਵੇਂ ਦਿਨ ਵੀ ਜਾਰੀ ਰੱਖਿਆ । ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 358 ਗ੍ਰਾਮ ਹੈਰੋਇਨ, 1920 ਨਸ਼ੀਲੀਆਂ ਗੋਲੀਆਂ ਅਤੇ 3160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 602 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 87,600 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।