ਬਠਿੰਡਾ, 23 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸਥਾਨਕ ਅਨਾਜ ਮੰਡੀ ਤੋਂ ਇਲਾਵਾ ਗੋਨਿਆਣਾ ਅਤੇ ਪਿੰਡ ਨੇਹੀਆਂ ਵਾਲਾ ਦੀ ਆਨਾਜ਼ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦੀ ਖਰੀਦ ਤੇ ਚੁਕਾਈ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਦੀ ਅਨਾਜ਼ ਮੰਡੀ ਚ 22 ਅਕਤੂਬਰ ਨੂੰ 30 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 20 ਹਜ਼ਾਰ ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ, ਜਦਕਿ 10 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਜਲਦ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਦੀ ਤੁਲਾਈ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਇਸ ਦੌਰਾਨ ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਦੇ ਨਾਲ-ਨਾਲ ਚੁਕਾਈ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਨਾਜ਼ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਸਹਾਇਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ ਤੋਂ ਇਲਾਵਾ ਆੜਤੀਏ ਤੇ ਕਿਸਾਨ ਆਦਿ ਹਾਜ਼ਰ ਸਨ।