ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼

Politics Punjab

ਲੁਧਿਆਣਾ, 25 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਮੁਕੰਮਲ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ।

 ਬੱਚਤ ਭਵਨ ਵਿਖੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼.), ਪੰਚਾਇਤ ਸਕੱਤਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ ਕੰਮ ਸ਼ੁਰੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜਿਸ ਲਈ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਜ਼ਰੂਰੀ ਹੈ।

 ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਪੇਂਡੂ ਸਕੂਲਾਂ ਵਿੱਚ ਲਾਇਬ੍ਰੇਰੀਆਂ, ਕਿਚਨ ਗਾਰਡਨ, ਛੱਪੜਾਂ ਦੀ ਸਫ਼ਾਈ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਪ੍ਰੋਜੈਕਟਾਂ ਸਮੇਤ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ।  ਉਨ੍ਹਾਂ ਅਧਿਕਾਰੀਆਂ ਨੂੰ  ਵਿਕਾਸ ਕਾਰਜਾਂ ਦੀ ਉਸਾਰੀ ਵਿੱਚ ਮਿਆਰੀ ਸਮੱਗਰੀ ਦੀ ਵਰਤੋਂ ਨੂੰ ਪਹਿਲ ਦੇਣ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

 ਇਸ ਤੋਂ ਇਲਾਵਾ, ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨਾ-ਸਾੜਨ ਸਬੰਧੀ ਸਮੂਹਿਕ ਜ਼ਿੰਮੇਵਾਰੀ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਮਹੱਤਤਾ ’ਤੇ ਚਾਨਣਾ ਪਾਉਣ।

ਪੰਚਾਇਤ ਸਕੱਤਰਾਂ ਦੇ ਸਥਾਨਕ ਕਿਸਾਨਾਂ ਨਾਲ ਮਜ਼ਬੂਤ ਸਬੰਧ ਹੋਣ ਕਰਕੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵੀ ਪ੍ਰੇਰਿਤ ਕੀਤਾ।  ਉਨ੍ਹਾਂ ਨੇ ਅਧਿਕਾਰੀਆਂ ਨੂੰ ਪਰਾਲੀ ਦੇ ਨਿਪਟਾਰੇ ਦੀਆਂ ਟਿਕਾਊ ਤਕਨੀਕਾਂ ਦੇ ਲਾਭਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ, ਤਾਂ ਜੋ ਕਿਸਾਨ ਢੁਕਵੇਂ ਖੇਤੀ ਉਪਕਰਨਾਂ ਦੀ ਵਰਤੋਂ ਕਰਕੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ਦੀ ਮਿੱਟੀ ਵਿੱਚ ਮਿਲਾਉਣ। ਉਹਨਾਂ ਕਿਹਾ ਕਿ ਰਹਿੰਦ-ਖੂੰਹਦ ਖੇਤਾਂ ਵਿੱਚ ਮਿਲਾਉਣ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਵੀ ਵਧੇਗੀ।

 ਸ੍ਰੀ ਜਤਿੰਦਰ ਜੋਰਵਾਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਪੱਖੀ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਦੀ ਮੱਦਦ ਕਰਨ ਦੀ ਵਚਨਬੱਧਤਾ ਦਾ  ਪ੍ਰਗਟਾਵਾ ਵੀ ਕੀਤਾ।