ਸ੍ਰੀ ਮੁਕਤਸਰ ਸਾਹਿਬ, 22 ਮਈ

              ਪੈ ਰਹੀ ਅੱਤ ਦੀ ਗਰਮੀ ਦੌਰਾਨ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ।

ਗਰਮੀ ਜਾਂ ਲੂਅ ਲੱਗਣ ਦੇ ਲੱਛਣ:

1  ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ।

2  ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ।

3  ਬੇਚੈਨੀ ਅਤੇ ਘਬਰਾਹਟ ।

4  ਹਲਕਾ ਜਾਂ ਤੇਜ਼ ਬੁਖਾਰ ।

5  ਜੀਅ ਖਰਾਬ ਹੋਣਾ ।

6  ਲੋੜ ਤੋਂ ਜ਼ਿਆਦਾ ਪਿਆਸ ਲੱਗਣਾ ।

7  ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ।

8  ਕਮਜ਼ੋਰੀ ਮਹਿਸੂਸ ਹੋਣਾ ।

9  ਗਰਮੀ ਕਰਕੇ ਪਿੱਤ ਦਾ ਹੋਣਾ।

10 ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ।

11 ਮਾਸ਼ ਪੇਸ਼ੀਆਂ ਵਿੱਚ ਦਰਦ।

12 ਲਾਲ, ਗਰਮ ਅਤੇ ਖੁਸ਼ਕ ਚਮੜੀ।

ਲੂ ਲੱਗਣ ਵਿੱਚ ਮਰੀਜ਼ ਨੂੰ ਪਸੀਨਾ ਆਉਂਦੇ ਰਹਿਣਾ ਇੱਕ ਵਧੀਆ ਲੱਛਣ ਹੈ, ਇਸ ਨਾਲ ਸਰੀਰ ਦਾ ਤਾਪਮਾਨ ਸਥਿਰ ਰਹਿੰਦਾ ਹੈ ।

ਖ਼ਤਰਨਾਕ ਸਥਿਤੀ :

1  ਤੇਜ਼ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104-105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ।

2  ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ।

3  ਮਰੀਜ਼ ਦਾ ਬੇਹੋਸ਼ ਹੋ ਜਾਣਾ, ਘਬਰਾਹਟ ਹੋਣਾ ।

ਲੂ ਦੇ ਲੱਛਣ ਨਜ਼ਰ ਆਉਣ ਤੇ ਕੀ ਕੀਤਾ ਜਾਵੇ :

1  ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ।

2  ਵਿਅਕਤੀ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ।

3  ਵਿਅਕਤੀ ਨੂੰ ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ।

4  ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ।

5  ਠੰਡੇ ਪਾਣੀ ਨਾਲ ਭਰੇ ਬਾਥ ਟੱਬ ਵਿੱਚ ਮਰੀਜ਼ ਨੂੰ ਗਲੇ ਤੱਕ ਲਿਟਾਇਆ ਜਾ ਸਕਦਾ ਹੈ।

6  ਬੁਖਾਰ ਨੂੰ ਘੱਟ ਕਰਨ ਲਈ ਡਾਕਟਰ ਦੀ ਸਲਾਹ ਤੋਂ ਬਿਨ੍ਹਾ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।

7   ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਲੈ ਕੇ ਜਾਇਆ ਜਾਵੇ ।

 ਗਰਮੀ ਚ ਲੂਅ ਤੋਂ ਬਚਣ ਦੇ ਲਈ ਕੀ ਕੀਤਾ ਜਾਵੇ :

1  ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ ।

2  ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ ।

3  ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ।

4  ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ਤੇ ਹੀ ਨਿਕਲਿਆ ਜਾਵੇ ।

ਕੀ ਨਾ ਕੀਤਾ ਜਾਵੇ :

1  ਖਾਲੀ ਪੇਟ ਘਰੋਂ ਬਾਹਰ ਨਾ ਨਿਕਲਿਆ ਜਾਵੇ ।

2  ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ ।

3  ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।

4 ਦੁਪਹਿਰ ਦੇ ਸਮੇਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ।