ਫਾਜਿਲਕਾ, 23 ਅਗਸਤ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਆਗਾਮੀ ਝੋਨੇ ਦੇ ਸੀਜਨ ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਬੈਠਕ ਕੀਤੀ। ਉਹਨਾਂ ਨੇ ਅੱਜ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ ਪੌਣੇ ਦੋ ਲੱਖ ਮੀਟਰਿਕ ਟਨ ਪਰਾਲੀ ਦਾ ਨਿਪਟਾਰਾ ਐਕਸ ਸੀਟੂ ਭਾਵ ਖੇਤ ਚੋਂ ਪਰਾਲੀ ਬਾਹਰ ਕੱਢ ਕੇ ਇੰਡਸਟਰੀ ਆਦਿ ਦੀ ਵਰਤੋਂ ਰਾਹੀਂ ਕੀਤਾ ਜਾਵੇਗਾ। ਇਸ ਲਈ ਖੇਤੀਬਾੜੀ, ਇੰਡਸਟਰੀ ਅਤੇ ਪ੍ਰਦੂਸ਼ਣ ਨਿਯੰਤਰਣ ਵਿਭਾਗ ਵੱਲੋਂ ਯੋਜਨਾਬੰਦੀ ਤਿਆਰ ਕੀਤੀ ਗਈ ਹੈ।
ਉਹਨਾਂ ਨੇ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਪਰਾਲੀ ਸਟੋਰ ਕਰਨ। ਉਹਨਾਂ ਨੇ ਆਖਿਆ ਕਿ ਪਰਾਲੀ ਸਟੋਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਵਾਂ ਵੀ ਮੁਹਈਆ ਕਰਵਾਈਆਂ ਜਾਣਗੀਆਂ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤੀ ਥਾਵਾਂ ਦੀ ਸੂਚੀ ਤਿਆਰ ਕੀਤੀ ਹੈ ਜਿੱਥੇ ਪਰਾਲੀ ਸਟੋਰ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਗਊਸ਼ਾਲਾਵਾਂ ਨੂੰ ਪਰਾਲੀ ਦੇਣ ਦੀ ਯੋਜਨਾ ਬੰਦੀ ਵੀ ਤਿਆਰ ਕੀਤੀ ਜਾਵੇ। ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨਾਂ ਕਿਸਾਨਾਂ ਨੇ ਪਿਛਲੇ ਸਾਲਾਂ ਦੌਰਾਨ ਸਬਸਿਡੀ ਤੇ ਮਸ਼ੀਨਾਂ ਲਾਈਆਂ ਹਨ ਉਹਨਾਂ ਦੇ ਸੰਪਰਕ ਨੰਬਰ ਅਤੇ ਸੂਚੀਆਂ ਖੇਤੀਬਾੜੀ ਵਿਭਾਗ ਕੋਲੋਂ ਉਪਲਬਧ ਹਨ ਕਿਸਾਨ ਅਗਾਊਂ ਤੌਰ ਤੇ ਅਜਿਹੇ ਲੋਕਾਂ ਕੋਲ ਆਪਣੀ ਬੁਕਿੰਗ ਕਰਵਾ ਲੈਣ ਤਾਂ ਜੋ ਉਹਨਾਂ ਦੀ ਪਰਾਲੀ ਦਾ ਪ੍ਰਬੰਧਨ ਬਿਨਾਂ ਸਾੜੇ ਹੋ ਸਕੇ ਕਿਉਂਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਇਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਬੈਠਕ ਵਿੱਚ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਗੁਰਦਰਸ਼ਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਬੈਠਕ


