ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ

Ludhiana

ਲੁਧਿਆਣਾ, 11 ਜੂਨ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਹੜ੍ਹ ਰੋਕੂ ਕੰਮ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣ।

ਡਿਪਟੀ ਕਮਿਸ਼ਨਰ ਸਾਹਨੀ ਨੇ ਕੰਮਾਂ ਦੀ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਅਤੇ ਵਿਸਤ੍ਰਿਤ ਰਿਪੋਰਟਾਂ ਜਮ੍ਹਾ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨੂੰ ਸਮਾਂਬੱਧ ਮੁਕੰਮਲ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੂੰ ਫਲੱਡ ਕੰਟਰੋਲ ਰੂਮ ਵਿੱਚ ਸਟਾਫ ਲਈ ਡਿਊਟੀ ਰੋਸਟਰ ਨੂੰ ਅੰਤਿਮ ਰੂਪ ਦੇਣ ਅਤੇ ਕਮਰੇ ਦੀ ਨਿਗਰਾਨੀ ਲਈ ਰੋਟੇਸ਼ਨ ਦੇ ਆਧਾਰ ‘ਤੇ ਸੀਨੀਅਰ ਅਧਿਕਾਰੀਆਂ ਦੀ ਨਿਯੁਕਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਖੁਰਾਕ ਅਤੇ ਸਪਲਾਈ, ਸਿੰਚਾਈ, ਬਿਜਲੀ, ਡਰੇਨੇਜ, ਨਗਰ ਨਿਗਮ ਅਤੇ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੁਆਰਾ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਡਰੇਨੇਜ ਵਿਭਾਗ ਨੂੰ ਬੁੱਢੇ ਨਾਲੇ ਦੇ ਉਪਰਲੇ ਅਤੇ ਹੇਠਲੇ ਪਾਸੇ ਦੇ ਨਾਲਿਆਂ ਸਮੇਤ ਸਾਰੀਆਂ ਡਰੇਨਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਤੋਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਬੁੱਢੇ ਨਾਲੇ ਦੇ ਬੰਨ੍ਹਾਂ ਦੀ ਸਫ਼ਾਈ ਅਤੇ ਮਜ਼ਬੂਤੀ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ। ਅਧਿਕਾਰੀਆਂ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹੜ੍ਹਾਂ ਦੀ ਸੰਭਾਵਨਾ ਵਾਲੇ ਸੰਵੇਦਨਸ਼ੀਲ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਸਬੰਧੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਹਰੇਕ ਵਿਭਾਗ ਵੱਲੋਂ ਪੁੱਖਤਾ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ, ਹੜ੍ਹ ਦੀ ਸਥਿਤੀ ਵਿਚ ਨਿਕਾਸੀ ਯੋਜਨਾ ‘ਤੇ ਵੀ ਚਰਚਾ ਕੀਤੀ ਗਈ ਅਤੇ ਸੰਵੇਦਨਸ਼ੀਲ ਖੇਤਰਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨਿਵਾਸੀਆਂ ਲਈ ਸੁਰੱਖਿਅਤ ਸਥਾਨਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਡੀ.ਐਫ.ਐਸ.ਸੀ. ਸੰਜੇ ਸ਼ਰਮਾ, ਐਸ.ਡੀ.ਓ ਗਗਨਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।