ਧਾਲੀਵਾਲ ਨੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਨੂੰ ਖੇਡ ਮੈਦਾਨ ਲਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

Amritsar Politics Punjab

ਅਜਨਾਲਾ,  24 ਸਤੰਬਰ 2024–

ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਹੋ ਰਹੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ “ਖੇਡਾਂ ਵਤਨ ਪੰਜਾਬ ਦੀਆਂ” ਦਾ ਤੀਜਾ ਸੀਜ਼ਨ ਚੱਲ ਰਿਹਾ ਹੈ ਜੋ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ੍ਹ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ।  ਬਾਬਾ ਬੁੱਢਾ ਸਾਹਿਬ ਜੀ ਸਪੋਰਟਸ ਐਂਡ ਕਬੱਡੀ ਕਲੱਬ ਰਮਦਾਸ ਨੂੰ ਖੇਡ ਮੈਦਾਨ ਦੇ ਨਵੀਨੀਕਰਨ ਲਈ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੰਦੇ ਕੈਬਨਟ ਮੰਤਰੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜ਼ਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਸਕਦੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਤਾਂ ਜੋ ਸਾਡਾ ਸੂਬਾ ਹਰੇਕ ਪੱਖੋਂ ਵਿਕਸਿਤ ਸੂਬਾ ਬਣ ਸਕੇ।

ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਸਾਡੇ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਅਤੇ ਖਿਡਾਰੀਆਂ ਦੀ ਸਹੂਲਤ ਲਈ ਹੋਰ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਖੇਡਾਂ ਦੇ ਖੇਤਰ ਵਿੱਚ ਦਿਨ ਦੂਣੀ ਰਾਤ ਚੌਗਣੀ ਤਰੱਕੀ ਕਰ ਸਕੇ।

ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਨਰੋਏ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ  ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਿੱਤੀ ਇੱਕ-ਇੱਕ ਗਾਰੰਟੀ ਨੂੰ ਪੂਰਿਆਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਮਾਨ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਠੋਸ ਉਪਰਾਲੇ ਕਰ ਰਹੇ ਹਨ।

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਕਰਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ।

ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ।

ਇਸ ਮੌਕੇ  ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ, ਕਬੱਡੀ ਪ੍ਰਮੋਟਰ ਸਤਨਾਮ ਸਿੰਘ ਸੱਤਾ ਰਮਦਾਸ, ਕਾਬਲ ਸਿੰਘ ਪਛੀਆ, ਕਿਸ਼ਨ ਲਾਲ, ਰਾਜਵਿੰਦਰ ਸਿੰਘ ਰਾਜਾ ਰਮਦਾਸ, ਚੇਅਰਮੈਨ ਬਲਦੇਵ ਸਿੰਘ, ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਹੋਰ ਪਤਵੰਤੇ ਹਾਜ਼ਰ ਸਨ।