ਫ਼ਰੀਦਕੋਟ, 23 ਮਈ () ਦਿਵਿਆਂਗ ਵੋਟਰ ਲੋਕ ਸਭਾ ਚੋਣਾਂ-2024 ਦੌਰਾਨ ਆਪਣੇ ਆਪ ਨੂੰ ਰਜਿਸਟਰ ਕਰਨ ਲਈ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਦਿਵਿਆਂਗਜਨਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕਸ਼ਮ ਐਪ ਦੀ ਵਰਤੋਂ ਦਿਵਿਆਂਗ ਵੋਟਰ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈਣ ਲਈ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ ‘ਸਕਸ਼ਮ ਐਪ’ ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।