ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ

Moga

ਮੋਗਾ, 23 ਮਈ (000) –
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ, ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ ‘ਸਕਸ਼ਮ ਐਪ’ ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।