ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਨੂੰ ਦੁਆਇਆ ਭਰੋਸਾ; ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

Ludhiana

ਲੁਧਿਆਣਾ, 16 ਮਈ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਸੰਸਦੀ ਹਲਕੇ ਅੰਦਰ 380 ਪੋਲਿੰਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ., ਅਤੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਸੰਸਦੀ ਹਲਕੇ ਵਿੱਚ ਮੈਪਿੰਗ ਮੁਕੰਮਲ ਕਰ ਲਈ ਹੈ ਜਿਸਦੇ ਤਹਿਤ 380 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਵੀ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਸਾਵਧਾਨੀ ਨਾਲ ਪ੍ਰਬੰਧ ਕੀਤਾ ਜਾਵੇਗਾ ਅਤੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲ ਵੀ ਇਨ੍ਹਾਂ ਨੂੰ ਕਵਰ ਕਰਨ ਲਈ ਤਾਇਨਾਤ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਵਿੱਚ ਨਿਯਮਿਤ ਤੌਰ ‘ਤੇ ਆਤਮ-ਵਿਸ਼ਵਾਸ ਵਧਾਉਣ ਦੇ ਉਪਾਵਾਂ, ਫਲੈਗ ਮਾਰਚ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅਬਜ਼ਰਵਰਾਂ ਨੂੰ ਦੱਸਿਆ ਕਿ ਇਹਨਾਂ ਉਪਾਵਾਂ ਦਾ ਮੁੱਖ ਟੀਚਾ ਲੋਕਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੋਲਿੰਗ ਬੂਥ ‘ਤੇ ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਲੋਕ ਸਭਾ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦੇ ਹੋਏ ਸਾਹਨੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਆਮ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੀਟਿੰਗ ਦੌਰਾਨ ਸਹਾਇਕ ਰਿਟਰਨਿੰਗ ਅਫਸਰਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਮੇਜਰ ਅਮਿਤ ਸਰੀਨ, ਰੁਪਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।