ਹੁਸ਼ਿਆਰਪੁਰ, 4 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ ਵਲੋਂ ਸੀ-ਪਾਈਟ ਸੈਂਟਰ, ਤਲਵਾੜਾ ਵਿਚ ਆਰਮੀ/ਪੈਰਾ ਮਿਲਟਰੀ ਭਰਤੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਵਿਭਾਗੀ ਯੋਗਤਾਵਾਂ ਨਾਲ ਸਬੰਧਤ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ’ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਉਮੀਦਵਾਰਾਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਸੈਲ ਦੁਆਰਾ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਸਬੰਧੀ ਪਹਿਲ, ਸ਼ਾਰਟ ਟਰਮ ਤਕਨੀਕੀ ਕੋਰਸ, ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਰਕਾਰੀ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਵਿਚ ਉਪਲਬੱਧ ਰੋਜ਼ਗਾਰ ਦੇ ਮੌਕਿਆਂ ਦੀ ਵਿਸ਼ਥਾਰ ਨਾਲ ਜਾਣਕਾਰੀ ਦਿੱਤੀ।
ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਕੈਰੀਅਰ ਸਰਵਿਸ ਪੋਰਟਲ ਰਾਹੀਂ ਉਪਲਬੱਧ ਸਰਕਾਰੀ ਸਹੂਲਤਾਂ, ਰੋਜ਼ਗਾਰ ਬਿਊਰੋ ਵਲੋਂ ਦਿੱਤੀ ਜਾਂਦੀ ਮੁਫ਼ਤ ਇੰਟਰਨੈਟ ਸਹੂਲਤ, ਸਵੈ ਰੋਜ਼ਗਾਰ ਯੋਜਨਾਵਾਂ ਆਦਿ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਵਿਭਾਗ ਦੀ ਮੋਬਾਇਲ ਐਪ ‘ਡੀਬੀਈਈ ਆਨਲਾਈਨ’ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਘਰ ਬੈਠੇ ਹੀ ਨਿੱਜ਼ੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਤਰੀਕੇ ਦੱਸੇ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰ ਸਕਦਾ ਹੈ। ਇਸ ਕੈਰੀਅਰ ਗਾਈਡੈਂਸ ਪ੍ਰੋਗਰਾਮ ਵਿਚ ਸੀ-ਪਾਈਟ ਸੈਂਟਰ, ਤਲਵਾੜਾ ਦੇ ਸਮੂਚੇ ਸਟਾਫ ਅਤੇ 65 ਉਮੀਦਵਾਰ ਨੇ ਉਤਸ਼ਾਹ ਨਾਲ ਭਾਗ ਲਿਆ।