ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

Faridkot

ਫਰੀਦਕੋਟ, 27 ਜੂਨ (    ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ।

ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ, ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਫੂਡ ਸੇਫਟੀ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਨਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਪ੍ਰੋਗਰਾਮ ਅਧੀਨ ਹੋਟਲਾਂ, ਢਾਬਿਆਂ, ਰੈਸਟੋਰੈਂਟ, ਰੇਹੜੀਆਂ ਆਦਿ ਤੇ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਨੌਨ ਵੈਜ ਆਈਟਮਾਂ ਦੇ ਵੀ ਸੈਂਪਲ ਵੀ ਲਏ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦਸਤ ਰੋਕੂ ਮੁਹਿੰਮ ਦਾ ਬੈਨਰ ਅਤੇ ਪੋਸਟਰ ਵੀ ਰਲੀਜ਼ ਕੀਤੇ ਗਏ ਅਤੇ ਉਹਨਾਂ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤ ਵਿਭਾਗ ਨੂੰ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਹਦਾਇਤ ਕੀਤੀ ਗਈ ਅਤੇ ਇਸ ਮੁਹਿੰਮ ਦੌਰਾਨ ਉਹਨਾਂ ਦੇ ਵਿਭਾਗਾਂ ਨਾਲ ਸਬੰਧ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕਟ ਅਤੇ ਜ਼ਿੰਕ ਦੀ ਵੰਡ ਕੀਤੀ ਜਾਵੇਗੀ ਅਤੇ ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਓ.ਆਰ.ਐਸ., ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ। ਸਕੂਲਾਂ ਵਿੱਚ ਬੱਚਿਆਂ ਨੂੰ ਸਾਫ ਸਫਾਈ, ਹੱਥ ਧੋਣ ਦੇ ਤਰੀਕੇ ਆਦਿ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।