ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

Politics Punjab

ਚੰਡੀਗੜ੍ਹ, 5 ਸਤੰਬਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਹਾਸ਼ੀਏ ‘ਤੇ ਪਏ ਭਾਈਚਾਰਿਆਂ, ਖਾਸ ਕਰਕੇ ਅਨੁਸੂਚਿਤ ਜਾਤੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।  ਉਹਨਾਂ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ।