ਬੁਢਲਾਡਾ/ਮਾਨਸਾ, 02 ਜੂਨ :
ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਵਸਨੀਕਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਇਸੇ ਲੜੀ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਪਿੰਡ ਦੋਦੜਾ, ਭਾਦੜਾ ਅਤੇ ਬੱਛੋਆਣਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਫ਼ਰਤ ਦੀ ਨਹੀਂ ਸਗੋਂ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਨਸ਼ਾ ਕਰਨ ਵਾਲੇ ਵਿਅਕਤੀ ਦੀ ਸੋਚਨ ਸਮਝਨ ਦੀ ਸ਼ਕਤੀ ਘੱਟ ਜਾਂਦੀ ਹੈ, ਜਿਸ ਨਾਲ ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇਸ ਦਾ ਨੁਕਸਾਨ ਹੁੰਦਾ ਹੈ, ਉਥੇ ਪੂਰੇ ਪਰਿਵਾਰ ਉਤੇ ਵੀ ਇਸ ਦਾ ਬੁਰਾ ਪ੍ਰਭਾਵ ਪੈਂਦਾ ਹੈ।
ਉਨ੍ਹਾਂ ਮੀਟਿੰਗ ਦੌਰਾਨ ਪੁੱਜੇ ਹਰੇਕ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹਰੇਕ ਵਿਅਕਤੀ ਨੂੰ ਜਾਣੂ ਕਰਵਾਉਣ ਅਤੇ ਜੋ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨੇੜੇ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਉਣ, ਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਇਲਾਜ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਹੁਣ ਲੋਕ ਲਹਿਰ ਬਣ ਚੁੱਕੀ ਹੈ ਅਤੇ ਜਲਦ ਹੀ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ।
ਇਸ ਮੌਕੇ ਮੌਜੂਦਾ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਹੋਰਨਾਂ ਨੂੰ ਜਾਣੂ ਕਰਵਾਉਣ ਅਤੇ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ।