ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਸਤੰਬਰ: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਖਾਂ ਦਾਨ ਪੰਦਰਵਾੜਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦਸਿਆ ਕਿ ਪੰਦਰਵਾੜੇ ਦੌਰਾਨ ਭਾਰੀ ਗਿਣਤੀ ਵਿਚ ਮਰੀਜ਼ਾਂ ਅਤੇ ਹੋਰ ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾ ਕੇ ਅੱਖਾਂ ਦੀ ਜਾਂਚ ਕਰਵਾਈ ਤੇ ਨਾਲ ਹੀ 98 ਲੋਕਾਂ ਨੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰੇ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਮਰੀਜ਼ਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਤੋਂ ਜਾਣੂੰ ਵੀ ਕਰਾਇਆ। ਜ਼ਿਕਰਯੋਗ ਹੈ ਕਿ ਇਹ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ ਤਕ ਮਨਾਇਆ ਗਿਆ। ਡਾ. ਰੇਨੂੰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਪੰਦਰਵਾੜਾ ਸਮਾਪਤ ਹੋ ਗਿਆ ਹੈ ਪਰ ਇਸ ਦੇ ਬਾਵਜੂਦ ਉਹ ਕਿਸੇ ਵੀ ਕੰਮ ਵਾਲੇ ਦਿਨ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਅੱਖਾਂ ਦਾਨ ਕਰਨ ਲਈ ਫ਼ਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਂਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।
ਜ਼ਿਲ੍ਹੇ ’ਚ ਸਫ਼ਲਤਾਪੂਰਵਕ ਸਮਾਪਤ ਹੋਇਆ ਅੱਖਾਂ ਦਾਨ ਪੰਦਰਵਾੜਾ


