ਮੋਗਾ, 1 ਅਪ੍ਰੈਲ (000) –
ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਗਿੱਲ ਰੌਂਤਾ ਨੂੰ ਬੁਲਾ ਕੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਭ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਸਮੇਂ ਸਹਾਇਕ ਕਮਿਸ਼ਨਰ (ਜਨਰਲ) ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀਮਤੀ ਸ਼ੁਭੀ ਆਂਗਰਾ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ, ਹਲਕਾ ਮੋਗਾ ਸਵੀਪ ਨੋਡਲ ਅਫ਼ਸਰ ਅਮਨਦੀਪ ਗੋਸਵਾਮੀ ਆਦਿ ਹਾਜ਼ਰ ਸਨ।
ਦੱਸਣਯੋਗ ਹੈ ਕਿ ਗਿੱਲ ਰੌਂਤਾ ਦੇ ਨਾਂ ਨਾਲ ਮਸ਼ਹੂਰ ਗੁਰਵਿੰਦਰ ਇੱਕ ਬਹੁਤ ਹੀ ਮਸ਼ਹੂਰ ਗੀਤਕਾਰ ਹੋਣ ਦੇ ਨਾਲ-ਨਾਲ ਇੱਕ ਬਹੁਤ ਹੀ ਵਧੀਆ ਫ਼ਿਲਮ ਲੇਖਕ ਅਤੇ ਗਾਇਕ ਵੀ ਹੈ ਅਤੇ ਨੌਜਵਾਨਾਂ ਵਿੱਚ ਉਸਦਾ ਚੰਗਾ ਆਧਾਰ ਵੀ ਹੈ। ਉਨ੍ਹਾਂ ਦੀਆਂ ਲਿਖੀਆਂ ਦੋ ਫ਼ਿਲਮਾਂ ਵੀ ਰਿਲੀਜ਼ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ ਲੋਕਾਂ ਨੇ ਸਰਾਹਿਆ ਹੈ। ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ ਆਦਿ ‘ਤੇ ਉਸ ਦੇ ਪ੍ਰਸ਼ੰਸਕਾਂ ਦੀ ਵੱਡੀ ਸੂਚੀ ਹੈ। ਇਸ ਕਾਰਨ ਮੋਗਾ ਜ਼ਿਲ੍ਹੇ ਦੇ ਵੋਟਰਾਂ ਨੂੰ 1 ਜੂਨ ਨੂੰ ਆਉਣ ਵਾਲੀ ਵੋਟਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਨੂੰ ਜ਼ਿਲ੍ਹਾ ਸਵੀਪ ਆਈਕਨ ਬਣਾਇਆ ਗਿਆ ਹੈ।
ਇਸ ਮੌਕੇ ਗਿੱਲ ਰੌਂਤਾ ਨੇ ਖੁਦ ਨੂੰ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਸਦੀ ਕੋਸ਼ਿਸ਼ ਰਹੇਗੀ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਮੋਗਾ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਈ ਜਾਵੇ। ਉਹ ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਿਰਤੋੜ ਯਤਨ ਕਰਨਗੇ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਿਰਿਆਸ਼ੀਲ ਭੂਮਿਕਾ ਨਿਭਾਉਣ ਲਈ ਅੱਗੇ ਆਉਣ।