ਚੰਡੀਗੜ, 23 ਅਕਤੂਬਰ
ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ। ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ। ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।
ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਫਸਲ ਤੋਂ ਬਾਹਰ ਕੱਢਣ ਲਈ ਬਾਗਬਾਨੀ ਕਿੱਤਾ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਮਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਲੂ ਬੀਜ ਹੱਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਮੌਜੂਦਾ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਤੇ ਜ਼ੋਰ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਾਲੇ ਕਿੱਤਿਆਂ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ।