ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ : ਡਿਪਟੀ ਕਮਿਸ਼ਨਰ

Bathinda Politics Punjab

ਬਠਿੰਡਾ, 18 ਨਵੰਬਰ : ਹਾੜੀ ਦੇ ਫਸਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ ਹੈ। ਕਿਸਾਨਾਂ ਨੂੰ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਜ਼ਿਲ੍ਹੇ ਅੰਦਰ 34,952 ਮੀਟ੍ਰਿਕ ਟਨ ਖਾਦ ਦੀ ਮੰਗ ਕੀਤੀ ਗਈ ਸੀ, ਜਿਸ ਵਿਚੋਂ 29,847 ਮੀਟ੍ਰਿਕ ਟਨ ਵੱਖ-ਵੱਖ ਸੁਸਾਇਟੀਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਵੰਡ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਕ-ਦੋ ਦਿਨਾਂ ’ਚ ਖਾਦ ਦੇ 2 ਹੋਰ ਰੈਕ ਜਲਦ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੱਸਿਆ ਕਿ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਗਠਿਤ ਕੀਤੀਆਂ ਟੀਮਾਂ ਵਲੋਂ ਲਗਾਤਾਰ ਜ਼ਿਲ੍ਹੇ ਅੰਦਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ. ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀਐਸਪੀ) 1300 ਰੁਪਏ, ਐਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ ਅਤੇ ਖਾਦ ਦੀ ਵਾਧੂ ਸਟੋਰੇਜ਼ ਨਾ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਡੀਲਰ ਡੀ.ਏ.ਪੀ. ਖਾਦ ਦੀ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਰਕਮ ਵਸੂਲ ਪਾਇਆ ਜਾਂਦਾ ਹੈ ਜਾਂ ਫਿਰ ਬੇਲੋੜੀਆਂ ਵਸਤਾਂ ਟੈਗ ਕਰਕੇ ਕਿਸਾਨਾਂ ਨੂੰ ਦੇਣ ਦੀ ਕੋਸਿਸ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ. ਵਿਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ ਉਥੇ ਹੀ ਡੀ.ਏ.ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਕਿਸਾਨ ਖਾਦਾਂ ਉਪਲੱਬਧ ਹਨ, ਜਿੰਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।

ਡਾ ਜਗਸੀਰ ਸਿੰਘ ਨੇ ਦੱਸਿਆ ਕਿ ਟਿਪਲ ਸਪਰ ਫਾਸਫੇਟ ਵਿੱਚ ਡੀਏਪੀ ਵਾਂਗੂ 46 ਫੀਸਦੀ ਫਾਸਫੋਰਸ ਤੱਤ ਹੁੰਦਾ ਹੈ ਉਨ੍ਹਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀਏਪੀ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਬਿਜਾਈ ਸਮੇਂ ਡੇਢ ਬੋਰੀ ਕਿਸਾਨ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਤਿੰਨ ਬੈਗ ਸਿੰਗਲ ਸੁਪਰ ਫਸਫੋਟ 16 ਫੀਸਦੀ ਪ੍ਰਤੀ ਏਕੜ ਵਰਤੇ ਜਾ ਸਕਦੇ ਹਨ ਹੈ ਅਤੇ ਇਸ ਵਿਚੋਂ ਸਲਫ਼ਰ ਤੱਤ ਵੀ ਮਿਲ ਜਾਂਦਾ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਪੈਸਟੀਸਾਈਡ ਡੀਲਰਾਂ ਵਿਰੁੱਧ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ 98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।