ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

Politics Punjab


ਚੰਡੀਗੜ੍ਹ, 29 ਅਕਤੂਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਛੇਤੀ ਤੋਂ ਛੇਤੀ ਤਿਆਰ ਕਰਨ ਤਾਂ ਜੋ ਕੇਸ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਸਕੇ।

ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ ‘ਤੇ ਕਰਨ ਲਈ ਨੀਤੀ ਦਾ ਖਰੜਾ ਤਿਆਰ ਕੀਤਾ ਜਾਵੇ ਅਤੇ ਕੰਟਰੈਕਟ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕੇਸ ਬਣਾਇਆ ਜਾਵੇ।

ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਦੇ ਕੇਸ ਹਮਦਰਦੀ ਨਾਲ ਵਿਚਾਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਕੇਸਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਇਸੇ ਤਰ੍ਹਾਂ ਨਵੇਂ ਡਰਾਈਵਰਾਂ/ਕੰਡਕਟਰਾਂ ਨੂੰ 5 ਫ਼ੀਸਦੀ ਸਾਲਾਨਾ ਤਨਖਾਹ ਵਾਧਾ ਦੇਣ ਸਬੰਧੀ ਮੰਗ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਐਸ.ਓ.ਪੀ ਬਣਾਈ ਜਾਵੇ ਤਾਂ ਜੋ ਮੁਲਾਜ਼ਮਾਂ ਨੂੰ ਫੌਰੀ ਰਾਹਤ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ਾ ਮੰਗਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੇ ਜਾਂਦੇ ਰਾਤ ਦੇ ਭੱਤੇ ਵਿੱਚ ਵੀ ਵਾਧਾ ਕੀਤਾ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਸੂਬੇ ਵਿਚ ਰਾਤ ਦੇ ਠਹਿਰਾਅ ਲਈ ਹੁਣ 50 ਦੀ ਥਾਂ 85 ਰੁਪਏ ਮਿਲਣਗੇ ਅਤੇ ਦੂਜੇ ਸੂਬਿਆਂ ਨੂੰ ਚਲਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰਾਤ ਦੇ ਠਹਿਰਾਅ ਲਈ ਭੱਤਾ ਵਧਾ ਕੇ 60 ਤੋਂ 120 ਰੁਪਏ ਕਰ ਦਿੱਤਾ ਗਿਆ ਹੈ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਐਮ.ਡੀ. ਪਨਬੱਸ ਸ੍ਰੀ ਰਾਜੀਵ ਕੁਮਾਰ ਗੁਪਤਾ, ਐਮ.ਡੀ ਪੀ.ਆਰ.ਟੀ.ਸੀ. ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਏ.ਡੀ.ਓ ਪਨਬੱਸ ਸ੍ਰੀ ਰਾਜੀਵ ਦੱਤਾ, ਜੀ.ਐਮ. ਪੀ.ਆਰ.ਟੀ.ਸੀ. ਸ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

————