ਡੇਰਾਬੱਸੀ (ਐੱਸ ਏ ਐੱਸ ਨਗਰ), 30 ਜੁਲਾਈ, 2024:
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਿਹਾ ਹੈ।
ਅੱਜ ਨਗਰ ਕੌਂਸਲ ਡੇਰਾਬੱਸੀ ਦੇ ਸੈਣੀ ਭਵਨ ਵਿਖੇ ਵਾਰਡ ਨੰ. 5, 6, 7 ਅਤੇ 8 ਦੇ ਵਸਨੀਕਾਂ ਲਈ ਲਾਏ ਗਏ ਉਕਤ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਕਰੀਬ ਇੱਕ ਘੰਟਾ ਤੋਂ ਵਧੇਰੇ ਸਮਾਂ ਬੈਠ ਕੇ ਕੈਂਪ ’ਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਉਸ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ।
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ ਡੀ ਐਮ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਬੀਰਕਰਨ ਸਿੰਘ, ਈ ਓ ਜਗਜੀਤ ਸਿੰਘ ਜੱਜ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇੱਕ ਥਾਂ ਤੇ ਹੀ ਲਗਪਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਹੈ।
ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਇਸ ਮੌਕੇ ਵਿਧਾਇਕ ਰੰਧਾਵਾ ਨੂੰ ਕੈਂਪ ’ਚ ਹਰੇਕ ਵਿਭਾਗ ਦੇ ਲੱਗੇ ਡੈਸਕ ਦਾ ਮੁਆਇਨਾ ਵੀ ਕਰਵਾਇਆ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਦੱਸਿਆ। ਇਨ੍ਹਾਂ ਵਿਭਾਗਾਂ ’ਚ ਮੁੱਖ ਤੌਰ ’ਤੇ ਮਾਲ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ, ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ, ਸੇਵਾ ਕੇਂਦਰ ਦੇ ਪ੍ਰਤੀਨਿਧ, ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ, ਨਗਰ ਕੌਂਸਲ, ਪੀ ਐਸ ਪੀ ਸੀ ਐਲ, ਭੂਮੀ ਰੱਖਿਆ ਵਿਭਾਗ, ਸਿਹਤ ਵਿਭਾਗ, ਸਮਾਜਿਕ ਨਿਆਂਕਰਤਾ, ਅਧਿਕਾਰਿਤਾ ਤੇ ਘੱਟ ਗਿਣਤੀ ਵਿਭਾਗ ਆਦਿ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।