ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

Ferozepur Politics Punjab

ਫਿਰੋਜ਼ਪੁਰ 05 ਨਵੰਬਰ 2024.

         ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕ੍ਰਾਂਤੀਕਾਰੀ ਬੀ.ਕੇ. ਦੱਤ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

        ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਰਾਜਪਾਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਇਨ੍ਹਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ ’ਤੇ ਚੱਲ ਕੇ ਸ਼ਹੀਦਾਂ ਦੇ ਸੁਫਨਿਆਂ ਦਾ ਭਾਰਤ ਸਿਰਜਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਨਤਮਸਤਕ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

                ਉਨ੍ਹਾਂ ਬੀ.ਐਸ.ਐਫ਼., ਆਰਮੀ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਸਰਹੱਦੀ ਖੇਤਰ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ, ਨਸ਼ਿਆਂ, ਹਥਿਆਰਾਂ ਦੀ ਤਸਕਰੀ ਅਤੇ ਹੋਰ ਮੁੱਦਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

                ਇਸ ਉਪਰੰਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੀ.ਐਸ.ਐਫ਼. ਦੇ ਇੰਟਰ ਡਿਸਟ੍ਰਿਕਟ ਫਾਈਨਲ ਕਬੱਡੀ ਮੈਚ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਜੇਤੂ ਅਤੇ ਉਪਵਿਜੇਤਾ ਟੀਮ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

          ਇਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਡੀ.ਆਈ.ਜੀ ਰਣਜੀਤ ਸਿੰਘ ਢਿੱਲੋਂ, ਐਸ.ਐਸ.ਪੀ. ਫ਼ਿਰੋਜ਼ਪੁਰ ਸੌਮਿਆ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿੱਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ ਰਣਦੀਪ ਸਿੰਘ ਤੋਂ ਇਲਾਵਾ ਬੀ.ਐਸ.ਐਫ਼., ਆਰਮੀ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।