ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

Faridkot Politics Punjab

ਫਰੀਦਕੋਟ, 29 ਅਕਤੂਬਰ 2024

ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ ਵਾਸੀਆਂ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਵਿੱਚ ਪਰਾਲੀ ਪ੍ਰਬੰਧਨ ਲਈ ਸਰਪੰਚਾਂ ,ਪੰਚਾਂ ਆਮ ਲੋਕਾਂ ਤੇ ਕਿਸਾਨਾਂ ਦੀ ਸਮੂਲੀਅਤ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਵੱਖ ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਗ੍ਰਾਮ ਸਭਾਵਾਂ ਰਾਹੀਂ ਸਰਪੰਚਾਂ, ਪੰਚਾਂ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਾਲ ਨਾਲ ਪੰਚਾਇਤਾਂ ,ਸਹਿਕਾਰੀ ਸਭਾਵਾਂ  ਅਤੇ ਪ੍ਰਾਈਵੇਟ ਏਜੰਸੀਆਂ ਅਤੇ ਵਿਅਕਤੀਆਂ ਪਾਸ ਮੌਜੂਦ ਸੀ ਆਰ ਐਮ ਮਸ਼ੀਨਰੀ ਸਬੰਧੀ ਵੱਧ ਤੋਂ ਵੱਧ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਵਿਅਕਤੀਆਂ ਖਿਲਾਫ ਮਾਲ ਰਿਕਾਰਡ ਵਿੱਚ ਲਾਲ ਅੱਖਰਾਂ ਵਿੱਚ ਇਤਰਾਜ ਸਬੰਧੀ ਵੀ ਗ੍ਰਾਮ ਸਭਾਵਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਨ੍ਹਾਂ ਗ੍ਰਾਮ ਸਭਾਵਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਵੀ ਜਾਗਰੂਕ ਕੀਤਾ ਗਿਆ ਕਿ ਆਪਣੇ ਖੇਤਾਂ ਵਿੱਚ ਰੀਪਰ ਉਹਨਾਂ ਤੋਂ ਹੀ ਚਲਵਾਇਆ ਜਾਵੇ ਜਿਨਾਂ ਰੀਪਰ ਮਾਲਕਾਂ ਦਾ ਬੇਲਰਾਂ ਨਾਲ ਐਗਰੀਮੈਂਟ ਹੋਇਆ ਹੈ । ਇਸ ਮੌਕੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਗ੍ਰਾਮ ਸਭਾ ਵਿੱਚ ਮੌਜੂਦ ਸਰਪੰਚਾਂ ਪੰਚਾਂ ਮੋਹਤਬਰ ਲੋਕਾਂ ਤੇ ਕਿਸਾਨਾਂ ਨੂੰ ਸੋਹ ਵੀ ਚੁਕਾਈ ਗਈ।

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ  ਸਾਰਿਆ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ।

Leave a Reply

Your email address will not be published. Required fields are marked *