ਫਰੀਦਕੋਟ 5 ਅਕਤੂਬਰ 2024( ) ਜ਼ਿਲ੍ਹੇ ਦੇ ਪਿੰਡ ਸ਼ੇਰ ਸਿੰਘ ਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਬਲਵਿੰਦਰ ਸਿੰਘ ਜੋ ਕਿ ਪਿਛਲੇ 5 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਕੰਮ ਕਰ ਰਿਹਾ ਹੈ। ਕਿਸਾਨ ਬਲਵਿੰਦਰ ਸਿੰਘ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ ਉਭਰ ਰਿਹਾ ਹੈ।
ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਉਹ ਝੋਨੇ ਦੀ ਪਰਾਲੀ ਨੂੰ ਐਮ.ਬੀ.ਪਲੋਅ ਨਾਲ ਜ਼ਮੀਨ ਵਿੱਚ ਹੀ ਦੱਬ ਦਿੰਦਾ ਹੈ । ਜਿਸ ਪਿੱਛੋ ਡਰਿੱਲ ਨਾਲ ਕਣਕ ਦੀ ਬਿਜਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕੇ ਪਿਛਲੇ ਪੰਜ ਸਾਲ ਤੋ ਆਪਣੇ ਖੇਤਾਂ ਵਿੱਚ ਕਣਕ, ਬਾਸਮਤੀ, ਝੋਨੇ ਦੀ ਖੇਤੀ ਕਰ ਰਿਹਾ ਹੈ।
ਬਲਵਿੰਦਰ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਸੰਭਾਲਣ ਉਪਰੰਤ ਕਣਕ ਦੀ ਬਿਜਾਈ ਕਰਨ ਨਾਲ ਕਣਕ ਦੀ ਪੈਦਾਵਾਰ ਵਿੱਚ ਵਾਧਾ ਹੋ ਰਿਹਾ ਹੈ ਅਤੇ ਖਾਦਾਂ ਦੀ ਖਪਤ ਵੀ ਘਟ ਰਹੀ ਹੈ। ਉਨ੍ਹਾਂ ਦੱਸਿਆ ਇਸ ਵਿਧੀ ਰਾਹੀ ਖੇਤੀ ਕਰਨ ਨਾਲ 20 ਕਿਲੋ ਯੂਰੀਆ,15 ਕਿਲੋ ਡੀ.ਏ.ਪੀ. ਪ੍ਰਤੀ ਏਕੜ ਦੀ ਬੱਚਤ ਕਰਦਾ ਹੈ ਅਤੇ ਪੈਦਾਵਾਰ ਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ ।ਇਸ ਤਕਨੀਕ ਨਾਲ ਪਹਿਲੇ ਸਾਲ ਵਿੱਚ ਕਣਕ ਦਾ ਝਾੜ ਰਵਾਇਤੀ ਬਿਜਾਈ ਅਨੁਸਾਰ ਹੀ ਸੀ ਪ੍ਰੰਤੂ ਅਗਲੇ ਸਾਲਾਂ ਦੌਰਾਨ ਉਸਦੀ ਫਸਲ ਦਾ ਝਾੜ ਵਧਿਆ ਹੈ।
ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਗਲਤੀ ਨਾ ਕਰਨ ਅਤੇ ਇਸਨੂੰ ਖੇਤ ਵਿੱਚ ਹੀ ਗਾਲਣ ਤਾਂ ਜੋ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਜਿਸ ਨਾਲ ਖੇਤੀ ਦੇ ਲਾਗਤ ਖਰਚੇ ਵੀ ਘੱਟ ਜਾਂਦੇ ਹਨ। ਇਸਦੇ ਨਾਲ ਹੀ ਕਿਸਾਨ ਨੇ ਦੱਸਿਆ ਕਿ ਉਸਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਕਾਫੀ ਵਾਧਾ ਹੋਇਆ ਹੈ ਅਤੇ ਉਸ ਨੂੰ ਇਸ ਗੱਲ ਦਾ ਮਾਨ ਹੈ ਕਿ ਉਹ ਕੁਦਰਤੀ ਸਾਧਨਾਂ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸ ਵੱਲੋਂ ਕਣਕ ਦੀ ਬਿਜਾਈ ਹਮੇਸ਼ਾਂ ਬੀਜ ਨੂੰ ਬਿਜਾਈ ਤੋਂ ਪਹਿਲਾਂ ਸੋਧ ਕੇ ਕੀਤੀ ਜਾਂਦੀ ਹੈ ਜਿਸ ਨਾਲ ਕਣਕ ਦੀ ਫਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਨਹੀਂ ਕਰਦੀ। ਉਨ੍ਹਾਂ ਦੱਸਿਆ ਕਿ ਜੇਕਰ ਹਮਲਾ ਘੱਟ ਹੋਵੇ ਤਾਂ ਗੁਲਾਬੀ ਸੁੰਡੀ ਕਣਕ ਦੀ ਫਸਲ ਦਾ ਨੁਕਸਾਨ ਕਰਨ ਦੀ ਬਿਜਾਏ ਫਾਇਦਾ ਵੀ ਕਰਦੀ ਦਿੰਦੀ ਹੈ ।
ਉਨ੍ਹਾਂ ਦੱਸਿਆ ਕਿ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਰ ਜੀ ਆਰ ਸੈਲ ਦੇ ਅਧਿਕਾਰੀਆ ਦੇ ਸੰਪਰਕ ਵਿੱਚ ਰਹਿੰਦਾ ਹੈ ਅਤੇ ਉਨ੍ਹਾਂ ਦੁਆਰਾ ਦਿੱਤੀ ਸਲਾਹ ਅਨੁਸਾਰ ਹੀ ਖੇਤੀ ਕਰਦਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਕਿਸਾਨ ਬਲਵਿੰਦਰ ਸਿੰਘ ਦੀ ਤਰ੍ਹਾਂ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਦੀ ਰਹਿਦ ਖੂੰਦ ਨੂੰ ਅੱਗ ਨਾ ਲਗਾਉਣ ਤਾਂ ਜੋ ਜਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ।
ਬਲਾਕ ਖੇਤੀਬਾੜੀ ਅਫਸਰ ਡਾ.ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਿਸਾਨ ਬਲਵਿੰਦਰ ਸਿੰਘ ਨੂੰ ਵੱਖ-ਵੱਖ ਕਿਸਾਨ ਮੇਲਿਆਂ ਦੌਰਾਨ ਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੈ।