ਸ੍ਰੀ ਅਨੰਦਪੁਰ ਸਾਹਿਬ 05 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਰਿਹਾਇਸ਼ ਗੰਭੀਰਪੁਰ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਕੁੱਲ 80 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਦੇ ਚੈੱਕ ਸਬੰਧਤ ਪਿੰਡਾਂ ਦੇ ਨੁਮਾਇੰਦਿਆਂ ਨੂੰ ਸੌਂਪੇ। ਕੈਬਨਿਟ ਮੰਤਰੀ ਵੱਲੋਂ ਪਿੰਡ ਮਾਂਗੇਵਾਲ, ਮੀਢਵਾ ਲੋਅਰ ਅਤੇ ਸੈਸੋਵਾਲ ਨੂੰ 10-10 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ। ਇਸ ਮੌਕੇ ਪਿੰਡ ਮਾਂਗੇਵਾਲ ਦੇ ਸਰਪੰਚ ਇੰਦਰਪਾਲ ਸਿੰਘ, ਮੀਢਵਾ ਲੋਅਰ ਦੇ ਸਰਪੰਚ ਜਰਨੈਲ ਸਿੰਘ ਅਤੇ ਸੈਸੋਵਾਲ ਦੇ ਸਰਪੰਚ ਗੁਰਦਿਆਲ ਸਿੰਘ ਨੇ ਗ੍ਰਾਂਟਾਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ ਪਿੰਡ ਕਾਹੀਵਾਲ ਦੇ ਬੀਡੀਸੀ ਮੈਂਬਰ ਰਾਮਪਾਲ, ਸਜਮੌਰ ਦੇ ਰਵੀ ਕੁਮਾਰ, ਮਹਿਰੋਲੀ ਦੇ ਸੁਰਜੀਤ ਸਿੰਘ, ਮਾਂਗੇਵਾਲ ਬਾਗ ਦੇ ਗੁਰਨਾਮ ਸਿੰਘ ਅਤੇ ਦਬਖੇੜਾ ਲੋਅਰ ਦੀ ਗੁਰਦੀਪ ਕੌਰ ਨੂੰ 5-5 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ।
ਇਸੇ ਤਰ੍ਹਾਂ ਪਿੰਡ ਲੰਗ ਮਾਜਰੀ ਦੇ ਮਹੇਸ਼ ਜੋਸ਼ੀ, ਬ੍ਰਹਮਪੁਰ ਅੱਪਰ ਦੇ ਸੁੱਚਾ ਸਿੰਘ, ਮਹਿੰਦਲੀ ਕਲਾਂ ਦੇ ਰਾਜ ਮੁਖ ਸਿੰਘ, ਦੇਹਣੀ ਲੋਅਰ ਦੇ ਕਮਲਜੀਤ ਸਿੰਘ ਰਾਣਾ ਅਤੇ ਦਿਆਪੁਰ ਦੇ ਜਸਵਿੰਦਰ ਸਿੰਘ ਨੂੰ ਵੀ 5-5 ਲੱਖ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਗਈਆਂ। ਇਸ ਤਰ੍ਹਾਂ ਤਿੰਨ ਪਿੰਡਾਂ ਨੂੰ 30 ਲੱਖ ਰੁਪਏ ਅਤੇ 10 ਹੋਰ ਪਿੰਡਾਂ ਨੂੰ 50 ਲੱਖ ਰੁਪਏ ਸਮੇਤ ਕੁੱਲ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਵਿੱਚ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦੀ ਲੋੜ ਅਨੁਸਾਰ ਕੰਮ ਕਰਵਾਏ ਜਾਣਗੇ। ਉਨ੍ਹਾਂ ਪੰਚਾਂ ਅਤੇ ਸਰਪੰਚਾਂ ਨੂੰ ਗ੍ਰਾਂਟਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਕਈ ਪਿੰਡਾਂ ਵਿੱਚ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਬਾਕੀ ਪਿੰਡਾਂ ਵਿੱਚ ਕੰਮ ਜਾਰੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ। ਪਿੰਡਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲੀਆਂ ਗ੍ਰਾਂਟਾਂ ਨਾਲ ਪਿੰਡਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਗ੍ਰਾਂਟਾਂ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਕੀਤੀ ਜਾਵੇਗੀ।
ਇਸ ਮੌਕੇ ਡਾਕਟਰ ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਦੀਪਕ ਸੋਨੀ ਚੇਅਰਮੈਨ ਖੱਤਰੀ ਅਰੋੜਾ ਵੈਲਫੇਅਰ ਬੋਰਡ, ਪੰਮੂ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।
