ਮਾਨਸਾ, 4 ਨਵੰਬਰ :
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਕਾਰਨ ਵਾਤਾਵਰਣ ਅਤੇ ਮਨੁੱਖੀ ਸਿਹਤ ਉਪਰ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਖਾਸ ਕਰ ਕੇ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ ਅਤੇ ਲੰਬੇ ਸਮੇਂ ਤੋਂ ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਇਹ ਕਾਫ਼ੀ ਹਾਨੀਕਾਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਜਾਂਚ ਕਰਨ ਲਈ ਵੈੱਬਸਾਈਟ ਸੀ.ਪੀ.ਸੀ.ਬੀ. ਦੀ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਖਰਾਬ ਤੇ ਗੰਭੀਰ ਹਵਾ ਪ੍ਰਦੂਸ਼ਣ ਦੇ ਦਿਨਾਂ ’ਚ ਬਾਹਰ ਸਵੇਰ ਅਤੇ ਦੇਰ ਸ਼ਾਮ ਸੈਰ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਜਾਗਿੰਗ, ਦੌੜਨ ਜਾਂ ਹੋਰ ਮਿਹਨਤ ਵਾਲੀਆਂ ਸਰੀਰਕ ਗਤੀਵਿਧੀਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਬਾਹਰੀ ਦਰਵਾਜ਼ੇ ਅਤੇ ਖਿੜਕੀਆਂ ਖੋਲ੍ਹਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਧ ਪ੍ਰਦੂਸ਼ਣ ਫੈਲਾਉਣ ਵਾਲੇ ਖੇਤਰਾਂ ਨੇੜੇ ਜਾਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ ’ਚ ਮੁਸ਼ਕਿਲ, ਖੰਘ, ਛਾਤੀ ’ਚ ਬੇ-ਆਰਾਮੀ ਜਾਂ ਦਰਦ ਹੁੰਦਾ ਹੈ, ਚੱਕਰ ਆਉਣਾ, ਅੱਖਾਂ ’ਚ ਜਲਣ (ਲਾਲ ਜਾਂ ਪਾਣੀ) ਤਾਂ ਤੁਰੰਤ ਨਜ਼ਦੀਕੀ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਜਿੱਥੋਂ ਤੱਕ ਸੰਭਵ ਹੋ ਸਕੇ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ ਚਾਹੀਦਾ ਹੈ। ਕਿਸੇ ਵੀ ਕਿਸਮ ਦੀ ਲੱਕੜ, ਪੱਤਿਆਂ, ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਵਾਤਾਵਰਣ ’ਚ ਸਾੜਨ ਤੋਂ ਪਰਹੇਜ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਪ੍ਰ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਪ੍ਰਦੂਸ਼ਣ ਦੇ ਹਾਨੀਕਾਰਕ ਪ੍ਰਭਾਵਾਂ ਨੂੰ ਘਟਾਉਣ ਲਈ, ਐਂਟੀ-ਆਕਸੀਡੈਂਟਾਂ ਨਾਲ ਭਰਪੂਰ ਮੌਸਮੀ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ ਅਤੇ ਲੋੜੀਂਦਾ ਪਾਣੀ ਪੀਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਸਿਗਰਟ, ਬੀੜੀ ਅਤੇ ਹੋਰ ਸਬੰਧਤ ਤੰਬਾਕੂ ਉਤਪਾਦਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ। ਸਾਫ ਸਾਹ ਲੈਣ ਲਈ ਜ਼ਿਆਦਾ ਰੁੱਖ ਲਾਉਣ ਨਾਲ ਸਿਹਤ ’ਤੇ ਹਵਾ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ।
ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ


