ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  25 ਜੂਨ:

ਆਗਾਮੀ ਬਰਸਾਤੀ ਮੌਸਮ ਦੇ ਸਨਮੁਖ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਸਿਹਤ ਕਾਮਿਆਂ ਵਲੋਂ ਜਿਥੇ ਘਰ-ਘਰ ਜਾ ਕੇ ਜਾਂਚ ਦਾ ਕੰਮ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਜ਼ਿਲ੍ਹੇ ’ਚ ਘਰਾਂ ਅਤੇ ਹੋਰ ਥਾਵਾਂ ’ਤੇ ਜਾ ਕੇ  ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕਰ ਰਹੀਆਂ ਹਨ ਤਾਕਿ ਕਿਤੇ ਵੀ ਪਾਣੀ ਖੜ੍ਹਾ ਨਾ ਰਹਿ ਸਕੇ। ਉਨ੍ਹਾਂ ਆਖਿਆ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਦਾ ਇਕੋ-ਇਕ ਤਰੀਕਾ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣਾ ਹੈ ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਦਸਿਆ ਕਿ ਭਾਵੇਂ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤਕ ਜ਼ਿਆਦਾ ਹੁੰਦਾ ਹੈ।

ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  

ਡੇਂਗੂ ਬੁਖ਼ਾਰ ਦੇ ਲੱਛਣ
       ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਂਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।