ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਿੱਤਾ ਜਾ ਰਿਹਾ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਬਿਮਾਰੀ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ ਅਤੇ ਨਾ ਹੀ ਕਿਸੇ ਨੂੰ ਇਲਾਜ ਤੋਂ ਵਾਂਝਾ ਰਹਿਣਾ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਵਧੀਆ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜਾ ਵੀ ਲੈਂਦੇ ਰਹਿਣ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਲਗਭਗ 20 ਲੱਖ ਕਾਰਡ ਬਣ ਚੁੱਕੇ ਹਨ ਅਤੇ ਆਉਂਦੇ ਕੁਝ ਦਿਨਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧੇਗੀ।

ਸਿਹਤ ਮੰਤਰੀ ਨੇ ਵੀਐਲਈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਜੁਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਹਰ ਹੱਕਦਾਰ ਪਰਿਵਾਰ ਤੱਕ ਇਹ ਕਾਰਡ ਸਮੇਂ ਸਿਰ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਸਾਂਝੀ ਕੋਸ਼ਿਸ਼ ਨਾਲ ਹੀ ਯੋਜਨਾਵਾਂ ਦੀ ਸਫਲਤਾ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਵਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਅੱਗੇ ਆਉਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੂਰੇ ਦੇਸ਼ ਵਿੱਚ ਸਰਕਾਰ ਸੱਚੇ ਅਰਥਾਂ ਵਿੱਚ ਲੋਕਾਂ ਲਈ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਇਹ ਯੋਜਨਾ ਭਵਿੱਖ ਵਿੱਚ ਹੋਰ ਵੀ ਵਿਸਥਾਰਿਤ ਕੀਤੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਸਾਰੇ ਅਧਿਕਾਰੀਆਂ, ਵੀਐਲਈ ਓਪਰੇਟਰਾਂ, ਆਸ਼ਾ ਵਰਕਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਕੰਮ ਕਰਨ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। 

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਘਣਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ, ਡੀਐਮਸੀ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀਐਲਈ ਓਪਰੇਟਰ ਅਤੇ ਵਲੰਟੀਅਰ ਹਾਜ਼ਰ ਸਨ।