ਪਿੰਡ ਨਥੇਹਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

Bathinda

ਨਥੇਹਾ (ਬਠਿੰਡਾ), 20 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਹ ਜਾਣਕਾਰੀ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਨਥੇਹਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਜਨ ਸੁਣਵਾਈ ਕੈਂਪ ਦੌਰਾਨ ਸਾਂਝੀ ਕੀਤੀ।

ਇਸ ਮੌਕੇ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਂਪ ਦੌਰਾਨ ਪਿੰਡ ਨਥੇਹਾ ਤੋਂ ਇਲਾਵਾ ਗੋਲੇਵਾਲਾ, ਕੋਰੇਆਣਾ, ਨੰਗਲਾ, ਮੈਨੂੰਆਣਾ ਅਤੇ ਪਿੰਡ ਮਿਰਜੇਆਣਾ ਆਦਿ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਰੀਡਰ ਨਿਰਮਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।