ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਨਵੇਂ ਯੋਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੈਰੀਟੇਜ ਵਾਕ ਦਾ ਆਯੋਜਨ

Ludhiana

ਲੁਧਿਆਣਾ, 29 ਮਈ (000) – ਭਾਰਤੀ ਚੋਣ ਕਮਿਸ਼ਨ ਦੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨਵੇਂ ਯੋਗ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 500 ਤੋਂ ਵੱਧ ਕਾਲਜ ਵਿਦਿਆਰਥੀਆਂ ਨੇ ਹੈਰੀਟੇਜ ਵਾਕ ਵਿੱਚ ਭਾਗ ਲਿਆ।

ਇਸ ਦਾ ਉਦੇਸ਼ ਨੌਜਵਾਨ ਭਾਗੀਦਾਰਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਸਿੱਖਣ ਦੇ ਨਾਲ-ਨਾਲ ਉਨ੍ਹਾਂ ਦੇ ਵੋਟ ਦੇ ਅਧਿਕਾਰਾਂ ਦੇ ਮਹੱਤਵਪੂਰਨ ਸੰਦੇਸ਼ ਬਾਰੇ ਸਿੱਖਿਅਤ ਕਰਨਾ ਸੀ, ਜਿਸ ਨਾਲ ਸਾਰੇ ਹਾਜ਼ਰੀਨ ਲਈ ਇੱਕ ਸ਼ਾਨਦਾਰ ਅਤੇ ਵਿਦਿਅਕ ਅਨੁਭਵ ਤਿਆਰ ਕੀਤਾ ਗਿਆ ਸੀ।

ਇਸ ਸਮਾਗਮ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭੀਏ, ਆਈ.ਪੀ.ਐਸ., ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਰਿਸ਼ੀ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭੀਏ ਨੇ ਨੌਜਵਾਨ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ 1 ਜੂਨ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਵੀ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਸਾਰੇ ਯੋਗ ਵੋਟਰਾਂ ਨੂੰ ਚੋਣਾਂ ਵਿੱਚ ਭਾਗ ਲੈਣ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਹੈਰੀਟੇਜ ਵਾਕ ਦੌਰਾਨ ਨੌਜਵਾਨ ਵੋਟਰਾਂ ਨੂੰ ਨੈਤਿਕ ਵੋਟਿੰਗ ਲਈ ਸਹੁੰ ਵੀ ਚੁਕਾਈ ਗਈ।

ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਵੀ ਪਹਿਲੀ ਵਾਰ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।