ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਲਿਆ ਲੋਕਤੰਤਰ ਨੂੰ ਮਜਬੂਤ ਕਰਨ ਦਾ ਪ੍ਰਣ

Amritsar

ਅੰਮ੍ਰਿਤਸਰ 20 ਅਪ੍ਰੈਲ 2024:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ  ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰ ਦੀ ਸਭਾ ਵਿੱਚ ਸਾਂਝੇ ਤੌਰ ਤੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਇੰਦੂ ਮੰਗੋਤਰਾ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਸ-ਪਾਸ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਜ਼ਰੂਰ ਪ੍ਰੇਰਿਤ ਕਰਣਗੇ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਵੋਟਰ ਜਾਗਰੂਕਤਾ ਲੈੱਕਚਰ ਵੀ ਦਿੱਤੇ ਗਏ ਅਤੇ ਭਾਰਤੀ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਅਤੇ ਫ਼ਰਜਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।ਇਸ ਮੌਕੇ ਵੋਟਰ ਹੈਲਪਲਾਈਨ ਐਪ,ਐਨ.ਵੀ.ਐਸ.ਪੀ.ਪੋਰਟਲ ਅਤੇ ਡਾਇਲ 1950 ਸੇਵਾ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟੋ੍ਰਲ ਲਿਟਰੇਸੀ ਕਲੱਬਾਂ ਵਲੋਂ ਲਗਾਤਾਰ ਸਵੀਪ ਗੱਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ ਸਾਰੇ ਸਕੂਲ ਮੁੱਖੀ ਵਧਾਈ ਦੇ ਪਾਤਰ ਹਨ। ਭਾਰਤ ਚੋਣ ਕਮਿਸ਼ਨ ਵਲੋਂ 70 ਪ੍ਰਤੀਸ਼ਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਜ਼ੋਰਦਾਰ ਕੋਸ਼ਸ਼ਾਂ ਜਾਰੀ ਹਨ। ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਅਗਾਮੀ ਲੋਕਸਭਾ ਚੋਣਾਂ ਦੇ ਮੱਦੇਨਜ਼ਰ ‘ਵੋਟ ਕਰ ਅੰਮ੍ਰਿਤਸਰ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰੇਕ ਵੋਟਰ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।