ਅਜਨਾਲਾ , 15 ਨਵੰਬਰ
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਕੋਚ ਵਰਿੰਦਰ ਸਿੰਘ ਵੱਲੋਂ ਖੋਲੀ ਗਈ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਦੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਰੂਪ ਵਿੱਚ ਤੰਦਰੁਸਤ ਰਹਿ ਸਕਣ। ਉਹਨਾਂ ਕਿਹਾ ਕਿ ਖੇਡਾਂ ਮਨੁੱਖ ਦੇ ਜੀਵਨ ਲਈ ਬੇਹਦ ਜਰੂਰੀ ਹਨ ਅਤੇ ਇਹ ਬੱਚਿਆਂ ਨੂੰ ਜਿੱਤ ਹਾਰ ਬਰਦਾਸ਼ਤ ਕਰਨ ਦੀ ਆਦਤ ਪਾਉਂਦੀਆਂ ਹਨ। ਇਸ ਤੋਂ ਇਲਾਵਾ ਖੇਡਾਂ ਮਿਲ ਜੁਲ ਕੇ ਕੰਮ ਕਰਨ ਅਤੇ ਅਨੁਸ਼ਾਸਨ ਪੈਦਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਨੇ ਅਕੈਡਮੀ ਪ੍ਰਬੰਧਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਦੀ ਇਸ ਉਦਮ ਦੀ ਸਰਾਹਨਾ ਕਰਦੀ ਹੈ ਅਤੇ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਜਨਾਲਾ ਵਿੱਚ ਆਉਂਦੇ ਸਾਲ ਤੱਕ ਬੱਚਿਆਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡਾ ਖੇਡ ਸਟੇਡੀਅਮ ਵੀ ਉਸਾਰ ਦਿੱਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਸ ਧਾਲੀਵਾਲ ਨੇ ਸਪਸ਼ਟ ਕੀਤਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਇੱਕ ਇੰਚ ਵੀ ਜਮੀਨ ਨਹੀਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਪੰਜਾਬ ਨਾਲ ਸਿੱਧਾ ਧੱਕਾ ਹੈ ਅਤੇ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ ਧਾਲੀਵਾਲ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਦਾ ਉਜਾੜਾ ਕਰਕੇ ਬਣਿਆ ਹੈ ਅਤੇ ਹਰਿਆਣੇ ਦਾ ਇਸ ਉੱਤੇ ਕੋਈ ਹੱਕ ਨਹੀਂ। ਹਰਿਆਣਾ ਵੱਲੋਂ ਕੀਤੀ ਜਾ ਰਹੀ ਪਾਣੀ ਦੀ ਮੰਗ ਉੱਤੇ ਬੋਲਦੇ ਉਹਨਾਂ ਨੇ ਕਿਹਾ ਕਿ ਸਾਡੇ ਕੋਲ ਆਪਣੀ ਲੋੜ ਨਾਲੋਂ ਵੀ ਪਾਣੀ ਘੱਟ ਹੈ ਤਾਂ ਇਸ ਸੂਰਤ ਵਿੱਚ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ ? ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਜਦੋਂ ਕੇਂਦਰ ਅਤੇ ਰਾਜ ਸਰਕਾਰ ਵਿੱਚ ਇੱਕੋ ਪਾਰਟੀ ਦੀਆਂ ਸਰਕਾਰਾਂ ਸਨ, ਤਾਂ ਇਹ ਮੁੱਦੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਸਨ ਪਰ ਉਕਤ ਮਸਲੇ ਰਾਜਨੀਤੀ ਕਾਰਨ ਹੱਲ ਨੇ ਕੀਤੇ ਗਏ। ਉਹਨਾਂ ਕਿਹਾ ਕਿ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਾਡੇ ਵਿਰੋਧ ਵਿੱਚ ਇਹ ਮਸਲੇ ਖੜੇ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।
ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ


