ਚੰਡੀਗੜ੍ਹ/ਐਸ.ਏ.ਐਸ.ਨਗਰ, 17 ਜੁਲਾਈ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ ਵਾਤਾਵਰਣ ਦੀ ਸੰਭਾਲ ਅਤੇ ਕਾਰਬਨ ਫੁੱਟਪ੍ਰਿੰਟ ਨੂੰ ਘਟਾਉਣ ਸਬੰਧੀ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਇੰਨ੍ਹਾਂ ਉਪਰਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਸੂਬਾ ਬਨਾਉਣ ਦੀ ਦਿਸ਼ ਵਿੱਚ ਅਹਿਮ ਕਦਮ ਐਲਾਨਿਆ।
ਪੰਜਾਬ ਮੰਡੀ ਬੋਰਡ ਵੱਲੋਂ ‘ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ’ ਦੇ ਦੂਜੇ ਪੜਾਅ ਤਹਿਤ ਮੁਫ਼ਤ ਬੂਟੇ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਇੱਕ ਸ਼ਲਾਘਾਯੋਗ ਉਪਰਾਲਾ ਕਿਹਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰਰਿਤ ਕਰਦਿਆਂ ਖਾਸਤੌਰ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟਿਊਬਵੈੱਲਾਂ ਨੇੜੇ ਘੱਟੋ-ਘੱਟ 5 ਬੂਟੇ ਜਰੂਰ ਲਗਾਉਣ।
ਬਿਜਲੀ ਮੰਤਰੀ ਨੇ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਰੁੱਖ ਲਗਾਉਣ ਲਈ ਮੰਡੀ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ ‘ਸੋਲਰ ਟ੍ਰੀਜ਼’ ਲਗਾਉਣ ਦੀ ਪੀ.ਐਸ.ਪੀ.ਸੀ.ਐਲ ਦੀ ਨਵੀਨਤਾਕਾਰੀ ਪਹੁੰਚ ਦੀ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਸਲਾਨਾ 52,000 ਯੂਨਿਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ 41 ਟਨ ਕਾਰਬਨ ਡਾਈਆਕਸਾਈਡ ਦੇ ਨਿਕਾਸ ਦੀ ਬਚਤ ਹੋਵੇਗੀ ਜੋ 1015 ਪੂਰੀ ਤਰ੍ਹਾਂ ਵਿਕਸਤ ਰੁੱਖਾਂ ਵੱਲੋਂ ਸੋਖੀ ਜਾਣ ਵਾਲੀ ਕਾਰਬਨ ਡਾਈਆਕਸਾਈਡ ਦੇ ਬਰਾਬਰ ਹੈ।
ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਬੋਰਡ ਨੇ 2023-24 ਵਿੱਚ 30,000 ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ 33,000 ਤੋਂ ਵੱਧ ਫਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਪੌਦੇ ਲਗਾਏ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਲਈ 35,000 ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।
ਸਮਾਗਮ ਦੌਰਾਨ ਆਮ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ ਗਏ। ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ, ਮੁੱਖ ਇੰਜਨੀਅਰ ਗੁਰਿੰਦਰ ਸਿੰਘ ਚੀਮਾ, ਜੀ.ਐਮ. ਮਨਜੀਤ ਸਿੰਘ ਸੰਧੂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।