ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

Ludhiana

ਲੁਧਿਆਣਾ, 21 ਮਈ (000) – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਸੰਸਦੀ ਹਲਕੇ ਅਧੀਨ ਪੈਂਦੇ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ।

ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ, ਸਹਾਇਕ ਰਿਟਰਨਿੰਗ ਅਫ਼ਸਰ (ਆਤਮ ਨਗਰ) ਪਰਮਦੀਪ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ (ਲੁਧਿਆਣਾ ਦੱਖਣੀ) ਇੰਦਰ ਪਾਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਨਿਰੀਖਣ ਦਾ ਉਦੇਸ਼ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਅਤੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਪ੍ਰਬੰਧ ਕਰਨਾ ਸੀ।

ਇਸ ਨਿਰੀਖਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਡਾ. ਅੰਬੇਡਕਰ ਨਗਰ, ਡਾ. ਅੰਬੇਡਕਰ ਨਗਰ ਵਿੱਚ ਨਿਸ਼ਕਾਮ ਵਿਦਿਆ ਮੰਦਿਰ, ਮਾਡਲ ਟਾਊਨ ਐਕਸਟੈਨਸ਼ਨ ਵਿੱਚ ਸਵਾਮੀ ਵਿਵੇਕਾਨੰਦ ਓਲਡ ਏਜ ਹੋਮਸ, ਨਰਾਇਣ ਈ-ਟੈਕਨੋ ਸਕੂਲ (ਦੁੱਗਰੀ), ਸਰਕਾਰੀ ਹਾਈ ਸਕੂਲ, ਸ਼ੇਰਪੁਰ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਖੁਰਦ, ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਗਿਆਸਪੁਰਾ ਅਤੇ ਸਰਕਾਰੀ ਹਾਈ ਸਕੂਲ, ਗਿਆਸਪੁਰਾ ਵਿਖੇ ਪੋਲਿੰਗ ਸਟੇਸ਼ਨਾਂ ਨੂੰ ਕਵਰ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਨ ‘ਤੇ ਜ਼ੋਰ ਦਿੱਤਾ ਅਤੇ ਇਨ੍ਹਾਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਪੋਲਿੰਗ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਆਰਮਡ ਪੁਲਿਸ ਫੋਰਸ (ਸੀ.ਏ.ਪੀ.ਐਫ.), ਸਥਾਨਕ ਪੁਲਿਸ, ਲਾਈਵ ਵੈਬਕਾਸਟਿੰਗ ਅਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਪੋਲਿੰਗ ਬੂਥਾਂ ਦੇ ਕਮਰਿਆਂ ਦੀਆਂ ਸਾਰੀਆਂ ਖਿੜਕੀਆਂ ਨੂੰ ਕਵਰ ਕਰਨ ਅਤੇ ਸੀ.ਏ.ਪੀ.ਐਫ. ਕਰਮਚਾਰੀਆਂ ਲਈ ਉਚਿਤ ਰਿਹਾਇਸ਼ ਅਤੇ ਭੋਜਨ ਯਕੀਨੀ ਬਣਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਪੀਣ ਵਾਲੇ ਪਾਣੀ, ਸ਼ੈਡ, ਰੈਂਪ, ਵ੍ਹੀਲ ਚੇਅਰ ਅਤੇ ਹੋਰ ਸਹੂਲਤਾਂ ਦੀ ਵੀ ਜਾਂਚ ਕੀਤੀ।

ਇਸ ਤੋਂ ਇਲਾਵਾ, ਸਾਹਨੀ ਨੇ ਇਹਨਾਂ ਖੇਤਰਾਂ ਵਿੱਚ ਵੋਟਰਾਂ ਨਾਲ ਗੱਲਬਾਤ ਕੀਤੀ, ਉਹਨਾਂ ਨੂੰ 1 ਜੂਨ ਨੂੰ ਬਿਨਾਂ ਕਿਸੇ ਡਰ ਜਾਂ ਪ੍ਰੇਰਣਾ ਦੇ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ। ਉਹਨਾਂ ਵੋਟਰਾਂ ਕੋਲੋਂ ਕਿਸੇ ਵੀ ਦਬਾਅ ਬਾਰੇ ਵੀ ਪੁੱਛਗਿੱਛ ਕੀਤੀ ਜੋ ਉਹਨਾਂ ਦਾ ਸਾਹਮਣਾ ਕਰ ਰਹੇ ਹਨ। ਸਾਹਨੀ ਨੇ ਵੋਟਰਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸਵੈ-ਵਿਸ਼ਵਾਸ ਵਧਾਉਣ ਦੇ ਉਪਾਅ ਜਿਵੇਂ ਕਿ ਸੀਨੀਅਰ ਅਧਿਕਾਰੀਆਂ ਦੇ ਨਿਯਮਤ ਦੌਰੇ, ਫਲੈਗ ਮਾਰਚ ਅਤੇ ਪਿੰਡ/ਵਾਰਡ ਪੱਧਰੀ ਜਾਗਰੂਕਤਾ ਮੁਹਿੰਮਾਂ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਚਲਾਈਆਂ ਜਾ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੁਖਦੇਵ ਭਵਨ ਵਿੱਚ ਸਥਾਪਤ ਦਾਖਾ ਹਲਕੇ ਦੇ ਸਟਰਾਂਗ ਰੂਮਜ ਦਾ ਵੀ ਨਿਰੀਖਣ ਕੀਤਾ ਅਤੇ ਉਨ੍ਹਾਂ ਦੇ ਆਲੇ-ਦੁਆਲੇ ਸਖ਼ਤ ਚੌਕਸੀ/ਸੁਰੱਖਿਆ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ।