ਸੜਕਾਂ ‘ਤੇ ਪਸ਼ੂ ਚਰਾਉਣ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ‘ਚ ਤੇਜ਼ੀ ਲਿਆਂਦੀ ਜਾਵੇਗੀ

Ludhiana

ਲੁਧਿਆਣਾ, 22 ਅਗਸਤ (000) – ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਪਸ਼ੂ ਪਾਲਕਾਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਲਈ ਤੱਤਪਰ ਹੈ, ਜਿਨ੍ਹਾਂ ਦੇ ਪਸ਼ੂ ਸੜਕਾਂ ਕੰਢੇ ਚਰਦਿਆਂ ਦਰਖਤਾਂ ਦੇ ਬੂਟੇ ਖਾ ਜਾਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਜੰਗਲਾਤ, ਪੁਲਿਸ, ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਨ੍ਹਾਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਮਿਲ ਕੇ ਲਾਪਰਵਾਹੀ ਵਰਤਣ ਵਾਲੇ ਪਸ਼ੂ ਪਾਲਕਾਂ ਵਿਰੁੱਧ ਕਾਰਵਾਈ ਕਰਨਗੀਆਂ ਅਤੇ ਅਜਿਹੇ ਪਸ਼ੂ ਪਾਲਕਾਂ ਨੂੰ ਭਾਰੀ ਜੁਰਮਾਨੇ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ ਪ੍ਰਸ਼ਾਸਨ ਵੱਲੋਂ 19 ਲੱਖ ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਹੁਣ ਸਾਨੂੰ ਇਨ੍ਹਾਂ ਬੂਟਿਆਂ ਨੂੰ ਅਵਾਰਾ ਪਸ਼ੂਆਂ ਜਾਂ ਸੜਕਾਂ ‘ਤੇ ਪਸ਼ੂ ਚਰਾਉਣ ਵਾਲਿਆਂ ਤੋਂ ਬਚਾਉਣਾ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਚਲਾਨ ਪਹਿਲਾਂ ਹੀ ਕੱਟੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰਥਾ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਲੋਕ ਸੜਕਾਂ ਅਤੇ ਜਨਤਕ ਥਾਵਾਂ ‘ਤੇ ਖੁੱਲ੍ਹੇਆਮ ਆਪਣੇ ਪਸ਼ੂ ਚਾਰਦੇ ਹਨ, ਜਿਸ ਕਾਰਨ ਸੜਕਾਂ ‘ਤੇ ਹਾਦਸਿਆਂ ਦਾ ਵੀ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ, ਜਦੋਂ ਵੀ ਪਸ਼ੂਆਂ ਨੂੰ ਸੜਕਾਂ ‘ਤੇ ਛੱਡ ਦਿੱਤਾ ਜਾਂਦਾ ਹੈ, ਤਾਂ ਇਹ ਜਾਨਵਰ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਯਾਤਰੀਆਂ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਸਬੰਧ ਵਿੱਚ ਵਿਭਾਗਾਂ ਨੂੰ ਇਸ ਮੁਹਿੰਮ ਦੀ ਰੋਜ਼ਾਨਾ ਰਿਪੋਰਟ ਆਪਣੇ ਦਫ਼ਤਰ ਨੂੰ ਸੌਂਪਣ ਲਈ ਵੀ ਕਿਹਾ।