ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ

Bathinda

ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਚੁਣੇ ਹੋਏ ਪਿੰਡ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਪਿੰਡ ਜ਼ਿਲ੍ਹੇ ਦੇ ਪਿੰਡ ਸੂਚ ਦੇ ਅਗਾਹਵਧੂ ਕਿਸਾਨ ਪਰਗਟ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ।

ਇਸ ਮੌਕੇ ਕਿਸਾਨ ਪਰਗਟ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਸਰਫੇਸ ਸੀਡਰ ਦੇ ਸਫਲ ਤਜ਼ਰਬਿਆਂ ਤੋਂ ਪ੍ਰੇਰਿਤ ਹੋ ਕੇ ਆਪਣੇ ਖੇਤ ਵਿੱਚ ਦੋ ਏਕੜ ਰਕਬੇ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਜਿਸ ਨਾਲ ਸਮੇਂ, ਲੇਬਰ ਤੇ ਪੈਸੇ ਦੀ ਬੱਚਤ ਹੁੰਦੀ ਹੈ।

ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਪਰਾਲੀ ਪ੍ਰਬੰਧਨ ਲਈ ਚਾਰ ਪਿੰਡ ਚੁਣੇ ਗਏ ਹਨ, ਜਿਨ੍ਹਾਂ ’ਚ ਇਹ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਤੇ ਪ੍ਰਦਰਸ਼ਨੀਆਂ ਆਦਿ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਦਾ ਸੁਚੱਜਾ ਪ੍ਰਬੰਧ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਚੁਣੇ ਹੋਏ ਪਿੰਡਾਂ ਤੋਂ ਇਲਾਵਾ ਜਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਵੱਖ-ਵੱਖ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਜਾਰੀ ਹਨ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਸੇਵਾ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ ਅਤੇ ਮਲਚਰ ਦੀ ਵਰਤੋਂ ਕਰਕੇ ਆਪਣੇ ਖੇਤ ਵਿੱਚ ਪਰਾਲੀ ਪ੍ਰਬੰਧ ਕਰ ਸਕਦੇ ਹਨ। ਇਸ ਮੌਕੇ  ਪਿੰਡ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧ ਲਈ ਹਾਂ ਪੱਖੀ ਹੁੰਗਾਰਾ ਭਰਿਆ ਤੇ ਵਿਸਵਾਸ਼ ਦਵਾਇਆ ਕਿ ਉਹ ਪਰਾਲੀ ਪ੍ਰਬੰਧ ਲਈ ਪੂਰਾ ਸਹਿਯੋਗ ਦੇਣਗੇ।

        ਪੋਫੈਸਰ, ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਢਿੱਲੋਂ ਨੇ ਪਰਾਲੀ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧ ਸਬੰਧੀ ਖੇਤ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ ਅਤੇ ਮਲਚਰ ਆਦਿ ਦੀ ਵਰਤੋਂ ਕਰਕੇ ਆਪਣੇ ਖੇਤ ਵਿਚਲੀ ਪਰਾਲੀ ਦਾ ਮੁਕੰਮਲ ਪ੍ਰਬੰਧ ਕਰ ਸਕਦੇ ਹਨ। ਇਸ ਦੇ ਨਾਲ-ਨਾਲ ਉਹਨਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਕਣਕ ਦੀਆਂ ਨਵੀਆਂ ਕਿਸਮਾਂ ਤੇ ਗੁਣਵੱਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ।

ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।