ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ, 2024:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਰਸਾਤ ਤੋਂ ਬਾਅਦ ਪ੍ਰਭਾਵਿਤ ਹੋਏ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਐਸ ਪੀ (ਟਰੈਫਿਕ) ਐਚ ਐਸ ਮਾਨ ਨਾਲ ਅੱਜ ਬਾਅਦ ਦੁਪਹਿਰ ਭਾਗੋ ਮਾਜਰਾ ਅਤੇ ਖਰੜ ਮੰਡੀਆਂ ਦਾ ਦੌਰਾ ਕੀਤਾ।
   ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਜਿੱਥੇ ਲਿਫਟਿੰਗ ਦਾ ਕੰਮ ਢਿੱਲਾ ਸੀ, ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿਖੇ ਲਿਫਟਿੰਗ ਅਤੇ ਜਗ੍ਹਾ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਕਮਿਸ਼ਨ ਏਜੰਟਾਂ ਨੂੰ ਹੁਣ ਤੋਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
    ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57823 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 57284 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਲਿਫਟਿੰਗ ਦੇ ਕੰਮ ਵਿੱਚ ਰੁਕਾਵਟ ਆਈ ਹੈ ਅਤੇ ਲਿਫਟਿੰਗ ਮੁੜ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੋਰੀਆਂ ਵਿੱਚ ਸੁੱਕਾ ਅਨਾਜ ਭਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 17400 ਮੀਟਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ 111.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ ਭੁਗਤਾਨ ਕਰਨ ਦੀ 48 ਘੰਟਿਆਂ ਦੀ ਸ਼ਰਤ ਦੇ ਮੁਕਾਬਲੇ 121 ਫੀਸਦੀ ਬਣਦੀ ਹੈ।
   ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੇ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।