ਚੰਡੀਗੜ੍ਹ, 14 ਮਈ:
ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੀਆਂ ਬੁਨਿਆਦੀ ਚਿੰਤਾਵਾਂ ਦੇ ਸਮਾਂਬੱਧ ਹੱਲ ਲਈ ਲੋਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਹੈ। ਡੇਰਾਬੱਸੀ ਸ਼ਹਿਰ ਦੇ ਆਪਣੇ ਤੜਕਸਾਰ ਦੇ ਦੌਰੇ ਦੌਰਾਨ, ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਨਾਗਰਿਕ ਮੁੱਦਿਆਂ ਨੂੰ ਹੱਲ ਕਰਨ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਡਾ. ਰਵਜੋਤ ਨੇ ਬਰਵਾਲਾ ਰੋਡ ਤੋਂ ਆਪਣਾ ਦੌਰਾ ਸ਼ੁਰੂ ਕੀਤਾ, ਜਿੱਥੇ ਉਨ੍ਹਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਸ ਨੂੰ ਪੂਰਾ ਕਰਨ ਲਈ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਅਗਲੇ ਦੋ ਹਫ਼ਤਿਆਂ ਦੇ ਅੰਦਰ ਵੱਖ-ਵੱਖ ਸੜਕਾਂ ਦੇ ਨਾਲ-ਨਾਲ ਮਲਬਾ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ।
ਬੱਸ ਸਟੈਂਡ ਦਾ ਨਿਰੀਖਣ ਕਰਦੇ ਹੋਏ, ਉਨ੍ਹਾਂ ਨਗਰ ਕੌਂਸਲ ਨੂੰ ਕਿਹਾ ਕਿ ਉਹ ਤੁਰੰਤ ਨਵੇਂ ਬੱਸ ਸਟੈਂਡ ਦੀ ਉਸਾਰੀ ਸ਼ੁਰੂ ਕਰਨ ਦਾ ਰਾਹ ਪੱਧਰਾ ਕਰਨ, ਜਿਸ ਨਾਲ ਆਵਾਜਾਈ ਦਾ ਪ੍ਰਵਾਹ ਸੁਚਾਰੂ ਹੋਵੇ ਅਤੇ ਆਲੇ-ਦੁਆਲੇ ਦੀਆਂ ਸੜਕਾਂ ‘ਤੇ ਭੀੜ ਘੱਟ ਹੋਵੇ। ਮੌਜੂਦਾ ਬੱਸ ਸਟੈਂਡ ਦੇ ਪਿੱਛੇ ਵਾਲੀ ਸੜਕ ਦਾ ਨਿਰੀਖਣ ਕਰਦੇ ਹੋਏ, ਉਨ੍ਹਾਂ ਨੇ ਖੇਤਰ ਵਿੱਚ ਕੂੜੇ ਦੇ ਢੇਰ ‘ਤੇ ਅਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਮਟੀਰੀਅਲ ਰਿਕਵਰੀ ਫੈਸਿਲਿਟੀ (ਐਮ ਆਰ ਐੱਫ) ਦੀ ਢੁਕਵੀਂ ਵਰਤੋਂ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਸਫਾਈ ਬਣਾਈ ਰੱਖਣ ਅਤੇ ਬਦਬੂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।
ਈਸਾਪੁਰ-ਬਕਰਪੁਰ ਰੋਡ (ਵਾਰਡ 17) ‘ਤੇ ਸਥਿਤ ਪੰਪਿੰਗ ਸਟੇਸ਼ਨ ‘ਤੇ, ਡਾ. ਰਵਜੋਤ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਡੇਰਾ ਜਗਾਧਾਰੀ ਖੇਤਰ ਵਿੱਚ ਗੰਦੇ ਪਾਣੀ ਦੇ ਨਿਕਾਸ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੋੜ ਪੈਣ ‘ਤੇ ਪਾਈਪਲਾਈਨਾਂ ਨੂੰ ਅਪਗ੍ਰੇਡ ਕਰਨ ਦਾ ਲਈ ਵੀ ਕਿਹਾ।
ਡਾ. ਰਵਜੋਤ ਨੇ ਨਗਰ ਕੌਂਸਲ ਅਤੇ ਜਲ ਸਪਲਾਈ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਚ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਜਾਂ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਗਰ ਕੌਂਸਲ ਅਤੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿਚਕਾਰ ਬੇਹਤਰ ਤਾਲਮੇਲ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਸਹੂਲਤਾਂ ਨੂੰ ਵਧਾਇਆ ਜਾ ਸਕੇ।
ਉਨ੍ਹਾਂ ਕਾਰਜਕਾਰੀ ਅਧਿਕਾਰੀ ਨੂੰ ਮੁੱਖ ਸੜਕਾਂ ਦੀ ਸਫਾਈ ਨੂੰ ਤਰਜੀਹ ਦੇਣ ਅਤੇ ਫਿਰ ਅੰਦਰੂਨੀ ਗਲੀਆਂ ਚ ਜਾਣ ਦੇ ਨਿਰਦੇਸ਼ ਦਿੱਤੇ, ਜਿਸ ਨੂੰ ਪੂਰਾ ਕਰਨ ਲਈ ਦੋ ਹਫ਼ਤਿਆਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ।
ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਥਾਨਕ ਸਰਕਾਰ ਮੰਤਰੀ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਅਤੇ ਸੀਵਰੇਜ, ਪਾਣੀ ਦੀ ਸਪਲਾਈ ਅਤੇ ਨਵੇਂ ਬੱਸ ਅੱਡੇ ਦੀ ਉਸਾਰੀ ਸਮੇਤ ਜ਼ਰੂਰੀ ਸਥਾਨਕ ਮੰਗਾਂ ਨੂੰ ਉਜਾਗਰ ਕੀਤਾ। ਡਾ. ਰਵਜੋਤ ਨੇ ਤੇਜ਼ੀ ਨਾਲ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਮੋਹਾਲੀ ਜ਼ਿਲ੍ਹੇ ਵਿੱਚ ਵਧ ਰਹੇ ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਨੂੰ ਬੁਨਿਆਦੀ ਢਾਂਚੇ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਗਰਮ ਉਪਾਵਾਂ ਦੀ ਲੋੜ ਹੈ, ਜਿਸ ਲਈ ਸਥਾਨਕ ਸਰਕਾਰਾਂ ਵਿਭਾਗ ਪੁਰਜ਼ੋਰ ਕੋਸ਼ਿਸ਼ ਕਰ ਰਿਹਾ ਹੈ।
ਇਸ ਦੌਰੇ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ, ਈ ਓ ਵਿਜੇ ਜਿੰਦਲ ਅਤੇ ਹੋਰ ਅਧਿਕਾਰੀ ਸ਼ਾਮਲ ਸਨ।