ਪ੍ਰਸ਼ਾਸਨ ਦੇ ਆਊਟਰੀਚ ਪ੍ਰੋਗਰਾਮ ਨੂੰ ਸਫ਼ਲਤਾ ਮਿਲੀ

S.A.S Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜਨਵਰੀ, 2024:

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਗੁਰਦੁਆਰਾ ਬੋਰਡ (ਐਸ ਜੀ ਪੀ ਸੀ) ਦੀਆਂ ਚੋਣਾਂ ਲਈ ਵੋਟਰ ਬਣਨ ਲਈ ਯੋਗ ਸਿੱਖ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਗਿਆ ਆਊਟਰੀਚ ਪ੍ਰੋਗਰਾਮ ਫਲਦਾਇਕ ਸਾਬਤ ਹੋਇਆ। ਸ਼ਨੀਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬਾਨ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਵਿੱਚ ਵੋਟਰ ਬਣਨ ਦੇ ਚਾਹਵਾਨਾਂ ਦੀ ਭਾਰੀ ਹਾਜ਼ਰੀ ਦੇਖਣ ਨੂੰ ਮਿਲੀ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਜੋ ਕਿ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਡੂੰਘੀ ਦਿਲਚਸਪੀ ਲੈ ਰਹੇ ਹਨ, ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ ’ਤੇ ਬਣੇ ਜ਼ਿਲ੍ਹੇ ਵਿੱਚ ਪਛੜ ਰਹੀ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਨੂੰ ਹੁਲਾਰਾ ਦੇਣਾ ਸਮੁੱਚੀ ਪ੍ਰਸ਼ਾਸਨਿਕ ਟੀਮ ਲਈ ਵੱਡੀ ਚੁਣੌਤੀ ਸੀ। ਸ਼੍ਰੀਮਤੀ ਜੈਨ ਨੇ ਅੱਗੇ ਕਿਹਾ, “ਅਸੀਂ ਸਥਾਨਕ ਗੁਰਦੁਆਰਾ ਕਮੇਟੀਆਂ ਕੋਲ ਨਿੱਜੀ ਤੌਰ ‘ਤੇ ਜਾ ਕੇ ਯੋਗ ਸਿੱਖ ਵੋਟਰਾਂ ਨੂੰ ਨਾਲ ਜੋੜਨ ਦੀ ਰਣਨੀਤੀ ਬਣਾਈ, ਜਿਸ ਦੇ ਨਤੀਜੇ ਬਹੁਤ ਉਤਸ਼ਾਹਜਨਕ ਹਨ।”

    ਸ਼੍ਰੀਮਤੀ ਜੈਨ ਗੁਰਦੁਆਰਾ ਸਾਹਿਬਾਨ ਵਿਖੇ ਗੁਰਦੁਆਰਾ ਬੋਰਡ ਦੀਆਂ ਚੋਣਾਂ ਦੀ ਮਹੱਤਤਾ ਅਤੇ ਇਨ੍ਹਾਂ ਚੋਣਾਂ ਵਿੱਚ ਵੋਟ ਦੀ ਵਰਤੋਂ ਦੇ ਅਧਿਕਾਰ ਨੂੰ ਲੈ ਕੇ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦੇ ਹਨ, ਜਿਸ ਨੂੰ ਧਾਰਮਿਕ ਆਗੂਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਨੀਵਾਰ ਨੂੰ ਸਾਡੇ ਯਤਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਉਥੇ ਲਗਾਏ ਗਏ ਵਿਸ਼ੇਸ਼ ਕੈਂਪਾਂ ਵਿੱਚ ਵੋਟਰ ਬਣਨ ਦੀ ਯੋਗਤਾ ਵਾਲੇ ਬਹੁਤ ਸਾਰੇ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ।

     ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ, “ਗੁਰਦੁਆਰਾ ਸਾਹਿਬਾਨ ਤੋਂ ਸੂਚਨਾ ਐਲਾਨਾਂ ਦਾ ਸਿੱਖ ਵੋਟਰਾਂ ‘ਤੇ ਧਾਰਮਿਕ ਅਤੇ ਅਸਰਦਾਇਕ ਪ੍ਰਭਾਵ ਪੈਂਦਾ ਹੈ ਅਤੇ ਸਾਡਾ ਮਕਸਦ ਹਰ ਯੋਗ ਵੋਟਰ ਨੂੰ 29 ਫਰਵਰੀ ਨੂੰ ਖਤਮ ਹੋਣ ਜਾ ਰਹੀ ਰਜਿਸਟ੍ਰੇਸ਼ਨ ਮੁਹਿੰਮ ਨਾਲ ਜੋੜਨ ਦੀ ਹਰ ਸੰਭਵ ਕੋਸ਼ਿਸ਼ ਕਰਨਾ ਹੈ।”

    ਡਿਪਟੀ ਕਮਿਸ਼ਨਰ ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਬਨੂੜ, ਮਨੌਲੀ ਸੂਰਤ ਅਤੇ ਦੱਪਰ ਦੇ ਆਪਣੇ ਦੌਰੇ ਦੌਰਾਨ ਲੋਕਾਂ ਨੂੰ ਵੋਟਰ ਬਣਨ ਲਈ

ਜ਼ੋਰਦਾਰ ਅਪੀਲਾਂ ਕੀਤੀਆਂ, ਨੇ ਕਿਹਾ ਕਿ ਸਾਰੇ ਉਪ ਮੰਡਲ ਮੈਜਿਸਟ੍ਰੇਟਸ ਨੂੰ ਰੀਵਾਈਜ਼ਿੰਗ ਅਥਾਰਟੀ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ ਅਤੇ ਸਾਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਹਾਇਕ ਰੀਵਾਈਜ਼ਿੰਗ ਅਥਾਰਟੀ ਵਜੋਂ ਨਿਯੁਕਤ ਕੀਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਤਹਿਤ ਅਧਿਕਾਰੀਆਂ ਵੱਲੋਂ ਪੇਂਡੂ ਖੇਤਰ ਵਿੱਚ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਮਿਉਂਸਪਲ ਸਟਾਫ਼ ਦੇ ਸਹਿਯੋਗ ਨਾਲ ਗੁਰਦੁਆਰਾ ਚੋਣਾਂ ਵੋਟ ਰਜਿਸਟ੍ਰੇਸ਼ਨ ਦਾ ਕੰਮ ਵਧੀਆ ਢੰਗ ਨਾਲ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਤੌਰ ‘ਤੇ ਫਾਰਮ ਜਮ੍ਹਾਂ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਇਸ ਦੀ ਕਾਪੀ ਜ਼ਿਲ੍ਹੇ ਦੀ ਵੈੱਬਸਾਈਟ SASNagar.nic.in ਤੋਂ ਪ੍ਰਾਪਤ ਕਰ ਸਕਦਾ ਹੈ ਅਤੇ ਧਿਆਨ ਨਾਲ ਦੇਖਣ ਅਤੇ ਭਰਨ ਤੋਂ ਬਾਅਦ ਨਜ਼ਦੀਕੀ ਰੀਵਾਈਜ਼ਿੰਗ ਅਥਾਰਟੀ ਅਫਸਰ ਨੂੰ ਇਸ ਨੂੰ ਜਮ੍ਹਾਂ ਕਰਵਾ ਸਕਦਾ ਹੈ।

     ਉਨ੍ਹਾਂ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਉਲਟ, ਗੁਰਦੁਆਰਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਤੋਂ ਪਹਿਲਾਂ ਗੁਰਦੁਆਰਾ ਚੋਣਾਂ ਲਈ ਵੋਟਰ ਸੂਚੀ ਨਵੇਂ ਸਿਰੇ ਤੋਂ ਤਿਆਰ ਕਰਨੀ ਹੁੰਦੀ ਹੈ, ਇਸ ਲਈ ਸਾਰੇ ਵੋਟਰਾਂ ਨੂੰ ਨਵੇਂ ਸਿਰੇ ਤੋਂ ਰਜਿਸਟਰ ਕੀਤਾ ਜਾਂਦਾ ਹੈ।

     ਡੇਰਾਬੱਸੀ ਤੋਂ ਐਸ.ਡੀ.ਐਮਹਿਮਾਂਸ਼ੂ ਗੁਪਤਾ, ਮੋਹਾਲੀ ਤੋਂ ਚੰਦਰਜੋਤੀ ਸਿੰਘ ਅਤੇ ਖਰੜ ਤੋਂ ਗੁਰਮੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਨਾਲ ਜੋੜਨ ਦੀ ਰਣਨੀਤੀ ਉਲੀਕਣ ਤੋਂ ਬਾਅਦ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਨੇ ਤੇਜ਼ੀ ਫੜ ਲਈ ਹੈ।

      ਉਨ੍ਹਾਂ ਅੱਜ ਕੈਂਪ ਦਫ਼ਤਰ ਵਿਖੇ ਐਸ.ਡੀ.ਐਮਜ਼-ਕਮ-ਰਿਵਾਈਜ਼ਿੰਗ ਅਥਾਰਟੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਗੁਰਦੁਆਰਾ ਬੋਰਡ ਚੋਣਾਂ ਲਈ ਵੱਧ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕਰਨ ਲਈ ਵੋਟਰ ਨਾਮਾਂਕਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ।